ਪੰਜਾਬ ਦੇ ਕਿਸਾਨ ਮੁਹਾਲੀ ਤੋਂ ਰਾਜ ਭਵਨ ਵੱਲ ਅੱਜ ਕਰਨਗੇ ਕੂਚ

ਪੰਜਾਬ ਦੇ ਕਿਸਾਨ ਮੁਹਾਲੀ ਤੋਂ ਰਾਜ ਭਵਨ ਵੱਲ ਅੱਜ ਕਰਨਗੇ ਕੂਚ

ਫੇਜ਼-8 ਸਥਿਤ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿੱਚ ਇਕੱਠੇ ਹੋਣ ਲੱਗੇ ਕਿਸਾਨ
ਐਸਏਐਸ ਨਗਰ (ਮੁਹਾਲੀ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਲੱਖਾਂ ਦੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਭਲਕੇ ਰਾਜ ਭਵਨਾਂ ਵੱਲ ਕੂਚ ਕਰਦਿਆਂ ਕਿਸਾਨਾਂ ਦੀਆਂ ਬਾਕੀ ਰਹਿੰਦੀਆਂ ਮੰਗਾਂ ਬਾਰੇ ਆਪੋ-ਆਪਣੇ ਸੂਬਿਆਂ ਦੇ ਰਾਜਪਾਲਾਂ ਰਾਹੀਂ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪੇ ਜਾਣਗੇ।

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾਈ ਪ੍ਰਧਾਨ ਡਾ. ਦਰਸ਼ਨਪਾਲ, ਇੰਡੀਅਨ ਫਰਾਮਰਜ ਐਸ਼ੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ, ਭਾਰਤੀ ਕਿਸਾਨ ਮੰਚ ਦੇ ਕੌਮੀ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਤੇ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਅੱਜ ਇੱਥੇ ਦੱਸਿਆ ਕਿ 26 ਨਵੰਬਰ ਨੂੰ ਪੰਜਾਬ ਦੇ ਕਿਸਾਨ ਸਵੇਰੇ 11 ਵਜੇ ਮੁਹਾਲੀ ਦੇ ਫੇਜ਼-8 ਸਥਿਤ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿੱਚ ਇਕੱਠੇ ਹੋਣਗੇ। ਇੱਥੇ ਕਿਸਾਨਾਂ ਦੀਆਂ ਮੰਗਾਂ ਤੇ ਸੂਬੇ ਦੇ ਹੋਰ ਭਖਦੇ ਮਸਲਿਆਂ ’ਤੇ ਵਿਚਾਰ ਚਰਚਾ ਕਰਨ ਮਗਰੋਂ ਬਾਅਦ ਦੁਪਹਿਰ ਇੱਕ ਵਜੇ ਪੰਜਾਬ ਰਾਜ ਭਵਨ ਵੱਲ ਸ਼ਾਂਤਮਈ ਤਰੀਕੇ ਨਾਲ ਰੋਸ ਮਾਰਚ ਕੀਤਾ ਜਾਵੇਗਾ। ਕਿਸਾਨ ਯੂਨੀਅਨਾਂ ਦੇ ਵੱਡੇ ਆਗੂ ਅਤੇ ਸਰਹੱਦੀ ਪਿੰਡਾਂ ਦੇ ਕਿਸਾਨ ਅੱਜ ਹੀ ਗੁਰਦੁਆਰਾ ਅੰਬ ਸਾਹਿਬ ਪਹੁੰਚਣੇ ਸ਼ੁਰੂ ਹੋ ਗਏ ਹਨ। ਸਤਨਾਮ ਸਿੰਘ ਬਹਿਰੂ ਨੇ ਕਿਹਾ ਕਿ ਦਿੱਲੀ ਵਿੱਚ ਬੀਤੀ 14 ਨਵੰਬਰ ਨੂੰ ਹੋਈ ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਦੀ ਨੀਅਤ ਵਿੱਚ ਖੋਟ ਹੋਣ ਦਾ ਖ਼ਦਸ਼ਾ ਪ੍ਰਗਟਾਉਂਦਿਆਂ 26 ਨਵੰਬਰ ਨੂੰ ਦੇਸ਼ ਭਰ ਵਿੱਚ ਆਪੋ ਆਪਣੇ ਸੂਬਿਆਂ ਦੇ ਰਾਜ ਭਵਨਾਂ ਵੱਲ ਕੂਚ ਕਰਨ ਦਾ ਫ਼ੈਸਲਾ ਲਿਆ ਸੀ। ਬਹਿਰੂ ਨੇ ਦੱਸਿਆ ਕਿ ਕਿਸਾਨਾਂ ਦੀਆਂ ਕੁਝ ਮੰਗਾਂ ਪੰਜਾਬ ਸਰਕਾਰ ਨਾਲ ਜੁੜੀਆਂ ਹੋਈਆਂ ਹਨ। ਇਸ ਲਈ ਪੰਜਾਬ ਦੇ ਰਾਜਪਾਲ ਨੂੰ ਜਿੱਥੇ ਕੇਂਦਰ ਸਰਕਾਰ ਨਾਲ ਜੁੜੀਆਂ ਮੰਗਾਂ ਬਾਰੇ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਦਿੱਤਾ ਜਾਵੇਗਾ, ਉੱਥੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ਵੀ ਕਿਸਾਨਾਂ ਨਾਲ ਕੀਤੇ ਵਾਅਦੇ ਯਾਦ ਦਿਵਾਉਣ ਲਈ ਮੰਗ ਪੱਤਰ ਸੌਂਪਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵਤ ਮਾਨ ਵੱਲੋਂ ਆਏ ਦਿਨ ਮੀਡੀਆ ਰਾਹੀਂ ਕਿਸਾਨਾਂ ਬਾਰੇ ਦਿੱਤੇ ਜਾ ਰਹੇ ਬਿਆਨਾਂ ਖ਼ਿਲਾਫ਼ ਵੀ ਕਿਸਾਨਾਂ ਵਿੱਚ ਰੋਸ ਹੈ। ਉਨ੍ਹਾਂ ਕਿਹਾ ਕਿ ਜੇ ਪੁਲੀਸ ਨੇ ਕਿਸਾਨਾਂ ਦਾ ਰਾਹ ਰੋਕਣ ਦਾ ਯਤਨ ਕੀਤਾ ਤਾਂ ਜਿੱਥੇ ਪੁਲੀਸ ਰੋਕੇਗੀ, ਉੱਥੇ ਹੀ ਸੜਕ ਜਾਮ ਕਰਕੇ ਧਰਨਾ ਸ਼ੁਰੂ ਕਰ ਦਿੱਤਾ ਜਾਵੇਗਾ। ਉਧਰ, ਜ਼ਿਲ੍ਹਾ ਪੁਲੀਸ ਵੱਲੋਂ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਗੁਰਦੁਆਰਾ ਅੰਬ ਸਾਹਿਬ ਦੀ ਚਾਰ ਦੀਵਾਰੀ ਦੇ ਅੰਦਰ ਅਤੇ ਬਾਹਰ ਪੁਲੀਸ ਦਾ ਪਹਿਰਾ ਲਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਟਰੈਫ਼ਿਕ ਲਾਈਟ ਚੌਕ ਫੇਜ਼-7 ਤੇ ਵਾਈਪੀਐੱਸ ਚੌਕ ’ਤੇ ਵੀ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ।