ਮੂਸੇਵਾਲਾ ਕਤਲ: ਬਲਕੌਰ ਸਿੰਘ ਵੱਲੋਂ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ

ਮੂਸੇਵਾਲਾ ਕਤਲ: ਬਲਕੌਰ ਸਿੰਘ ਵੱਲੋਂ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ

ਮਾਮਲੇ ਵਿੱਚ ਤੇਜ਼ੀ ਨਾਲ ਕਾਰਵਾਈ ਮੰਗੀ; ਧਾਲੀਵਾਲ ਵੱਲੋਂ ਕਾਰਵਾਈ ਦਾ ਭਰੋਸਾ
ਮਾਨਸਾ- ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਅਤੇ ਤਾਇਆ ਚਮਕੌਰ ਸਿੰਘ ਸਿੱਧੂ ਨੇ ਅੱਜ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੁਲਾਕਾਤ ਕਰਕੇ ਕਤਲ ਕੇਸ ਵਿੱਚ ਕਾਰਵਾਈ ਤੇਜ਼ ਕਰਨ ਦੀ ਮੰਗ ਕੀਤੀ। ਇਸ ਦੌਰਾਨ ਸ੍ਰੀ ਧਾਲੀਵਾਲ ਨੇ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਗੁਜਰਾਤ ਦੇ ਦੌਰੇ ਤੋਂ ਹੁਣ ਵਿਹਲੇ ਹੋ ਗਏ ਹਨ। ਉਨ੍ਹਾਂ ਨਾਲ ਇਹ ਪੂਰਾ ਮਾਮਲਾ ਵਿਚਾਰਕੇ ਛੇਤੀ ਹੀ ਇਨਸਾਫ਼ ਲਈ ਪੰਜਾਬ ਸਰਕਾਰ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ ਅਤੇ ਇਸ ਲਈ ਰਹਿੰਦੇ ਕਾਰਜਾਂ ਨੂੰ ਛੇਤੀ ਨਿਬੇੜਨ ਲਈ ਅਧਿਕਾਰੀਆਂ ਨੂੰ ਹੁਕਮ ਦਿੱਤੇ ਜਾਣਗੇ। ਕੈਬਨਿਟ ਮੰਤਰੀ ਨਾਲ ਮਿਲਣੀ ਬਾਰੇ ਸਿੱਧੂ ਮੂਸੇਵਾਲਾ ਦੇ ਤਾਇਆ ਚਮਕੌਰ ਸਿੰਘ ਨੇ ਦੱਸਿਆ ਕਿ ਮੂਸੇਵਾਲਾ ਦੇ ਕਤਲ ਲਈ ਪ੍ਰਸ਼ੰਸਕਾਂ ਵੱਲੋਂ ਇਨਸਾਫ਼ ਦੀ ਵਿੱਢੀ ਹੋਈ ਲੜਾਈ ਲਈ ਪੰਜਾਬ ਸਰਕਾਰ ਨੂੰ ਅੱਜ ਨਿਆਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਬਾਕਾਇਦਾ ਮਿਲ ਕੇ ਅਰਜ਼ੋਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਛੇਤੀ ਹੀ ਪਿੰਡ ਮੂਸਾ ਆਉਣ ਦਾ ਦਾਅਵਾ ਕੀਤਾ ਹੈ। ਬਲਕੌਰ ਸਿੰਘ ਸਿੱਧੂ ਨੇ ਦੱਸਿਆ ਕਿ ਉਹ ਪੀਜੀਆਈ ਵਿੱਚ ਆਪਣਾ ਸਰੀਰਕ ਮੁਆਇਨਾ ਕਰਵਾਉਣ ਲਈ ਗਏ ਸਨ ਅਤੇ ਉਥੋਂ ਆਉਂਦੇ ਹੀ ਕੈਬਨਿਟ ਮੰਤਰੀ ਨੂੰ ਅਚਾਨਕ ਮਿਲ ਗਏ, ਜੋ ਬਾਅਦ ਵਿੱਚ ਆਪਣੇ ਦਫ਼ਤਰ ਲੈ ਗਏ ਅਤੇ ਇਨਸਾਫ਼ ਦੀ ਲੜਾਈ ਵਿੱਚ ਤੇਜ਼ੀ ਲਿਆਉਣ ਸਮੇਤ ਪਿੰਡ ਦੇ ਹੋਰ ਮਸਲਿਆਂ ਨੂੰ ਵਿਚਾਰਿਆ ਗਿਆ।