ਗਿਆਨੀ ਹਰਪ੍ਰੀਤ ਸਿੰਘ ਅਤੇ ਧਾਮੀ ਵੱਲੋਂ ਘਟਨਾ ਦੀ ਨਿੰਦਾ

ਗਿਆਨੀ ਹਰਪ੍ਰੀਤ ਸਿੰਘ ਅਤੇ ਧਾਮੀ ਵੱਲੋਂ ਘਟਨਾ ਦੀ ਨਿੰਦਾ

ਅੰਮ੍ਰਿਤਸਰ : ਜਲੰਧਰ ਦੇ ਪਿੰਡ ਮਨਸੂਰਪੁਰ ਵਿਖੇ ਗੁਰਦੁਆਰੇ ਵਿਚ ਵਾਪਰੀ ਬੇਅਦਬੀ ਦੀ ਘਟਨਾ ਦੀ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਪੰਜਾਬ ਸਰਕਾਰ ਪਾਸੋਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਘਟਨਾ ਦੀ ਕਰੜੀ ਜਾਂਚ ਕਰਨ ਦੀ ਮੰਗ ਕਰਦਿਆਂ ਇਸ ਘਟਨਾ ਪਿੱਛੇ ਕੰਮ ਕਰਦੀਆਂ ਤਾਕਤਾਂ ਨੂੰ ਨਸ਼ਰ ਕਰਨ ਲਈ ਕਿਹਾ। ਧਾਮੀ ਨੇ ਮੰਗ ਕੀਤੀ ਕਿ ਬੇਅਦਬੀਆਂ ਦੇ ਮਾਮਲੇ ਵਿਚ ਸਖ਼ਤ ਸਜ਼ਾਵਾਂ ਦਾ ਪ੍ਰਬੰਧ ਲਾਜ਼ਮੀ ਹੋਵੇ ਅਤੇ ਅਜਿਹੇ ਮਾਮਲਿਆਂ ਦੀ ਅਦਾਲਤ ’ਚ ਤੇਜ਼ੀ ਨਾਲ ਸੁਣਵਾਈ ਯਕੀਨੀ ਬਣੇ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰਦੁਆਰਿਆਂ ਅੰਦਰ ਨਿਗਰਾਨੀ ਅਤੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਰਨ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਮੈਂਬਰ ਸਰਵਣ ਸਿੰਘ ਕੁਲਾਰ ਦੀ ਅਗਵਾਈ ਵਿਚ ਗੁਰਦੁਆਰਾ ਸ੍ਰੀ ਮੋ ਸਾਹਿਬ ਦੇ ਮੈਨੇਜਰ ਮੋਹਨ ਸਿੰਘ, ਪ੍ਰਚਾਰਕ ਭਾਈ ਹਰਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਘਟਨਾ ਸਥਾਨ ’ਤੇ ਪੁੱਜੇ ਹਨ। ਇਸ ਦੌਰਾਨ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਸਖ਼ਤ ਤਾੜਨਾ ਕੀਤੀ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਈ ਵਾਰ ਪ੍ਰਸ਼ਾਸਨ ਵੱਲੋਂ ਅਜਿਹੇ ਦੋਸ਼ੀਆਂ ਨੂੰ ਪਾਗਲ ਕਰਾਰ ਦੇ ਕੇ ਰਾਹਤ ਦਿੱਤੀ ਜਾਂਦੀ ਹੈ ਅਤੇ ਜੇਕਰ ਇਸ ਵਾਰ ਇੰਜ ਹੋਇਆ ਤਾਂ ਸਿੱਖ ਪੰਥ ਇਸ ਨੂੰ ਕਦੇ ਬਰਦਾਸ਼ਤ ਨਹੀਂ ਕਰੇਗਾ।