ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਦਸਤਖ਼ਤੀ ਮੁਹਿੰਮ ਦਾ ਆਗਾਜ਼

ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਦਸਤਖ਼ਤੀ ਮੁਹਿੰਮ ਦਾ ਆਗਾਜ਼

ਬਲਾਚੌਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਚਲਾਈ ਗਈ ਦਸਤਖ਼ਤੀ ਮੁਹਿੰਮ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸੇ ਮੁਹਿੰਮ ਦੀ ਕੜੀ ਤਹਿਤ ਸਿੰਘ ਸਭਾ ਗੁਰਦੁਆਰਾ ਮਹਿੰਦੀਪੁਰ (ਬਲਾਚੌਰ) ਵਿਖੇ ਸ੍ਰੀ ਆਨੰਦਪੁਰ ਸਾਹਿਬ ਜ਼ੋਨ ਤੋਂ ਪੰਥ ਦੇ ਧਰਮ ਪ੍ਰਚਾਰਕ ਗਿਆਨੀ ਗੁਰਬਖਸ਼ ਸਿੰਘ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਬੀਬੀ ਸੁਨੀਤਾ ਚੌਧਰੀ ਦੀ ਅਗਵਾਈ ਹੇਠ ਪੁੱਜੇ ਮੈਂਬਰਾਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖਤੀ ਮੁਹਿੰਮ ਦਾ ਆਗਾਜ਼ ਅਰਦਾਸ ਕਰਨ ਉਪਰੰਤ ਕੀਤਾ ਗਿਆ। ਇਸ ਮੌਕੇ ਗਿਆਨੀ ਗੁਰਬਖਸ਼ ਸਿੰਘ ਖਾਲਸਾ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੰਬੇ ਸਮੇਂ ਤੋਂ ਬੰਦੀ ਸਿੰਘ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਹਨ, ਜਿਨ੍ਹਾਂ ਵਿੱਚੋਂ ਬਹੁਤ ਸਾਰੇ ਆਪਣੀਆਂ ਉਮਰ ਕੈਦ ਤੋਂ ਵੀ ਵੱਧ ਸਜ਼ਾਵਾਂ ਕੱਟ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰੰਤਰੀ ਨਰਿੰਦਰ ਮੋਦੀ ਵੱਲੋਂ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਵਾਅਦਾ ਕੀਤਾ ਗਿਆ ਸੀ, ਜੋ ਕਿ ਅਜੇ ਤੱਕ ਵਫਾ ਨਹੀਂ ਹੋ ਸਕਿਆ।

ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਾਤਲਾਂ ਨੂੰ ਅਤੇ ਹੋਰ ਘਿਨਾਉਣੇ ਜੁਰਮ ਕਰਨ ਵਾਲੇ ਅਪਰਾਧੀਆਂ ਨੂੰ ਤਾਂ ਰਿਹਾਅ ਕਰ ਦਿੱਤਾ ਗਿਆ ਹੈ, ਜਦੋਂ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ।

ਸ੍ਰੀ ਖਾਲਸਾ ਨੇ ਗਿਲਾ ਕਰਦਿਆਂ ਕਿਹਾ ਕਿ ਆਜ਼ਾਦੀ ਉਪਰੰਤ ਸਮੇਂ-ਸਮੇਂ ਦੀਆਂ ਸਰਕਾਰਾਂ ਵੱਲੋਂ ਸਿੱਖਾਂ ਨਾਲ ਹਮੇਸ਼ਾ ਵਿਤਕਰਾ ਕੀਤਾ ਗਿਆ ਹੈ। ਉਨ੍ਹਾਂ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਚਲਾਈ ਇਸ ਦਸਤਖਤੀ ਮੁਹਿੰਮ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ।

ਇਸ ਮੌਕੇ ਬੀਬੀ ਸੁਨੀਤਾ ਚੌਧਰੀ ਨੇ ਕਿਹਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨਾ ਸਰਕਾਰਾਂ ਦੀ ਪੱਖਪਾਤੀ ਨੀਤੀ ਦੀ ਮੂੁੰਹ ਬੋਲਦੀ ਤਸਵੀਰ ਹੈ। ਇਸ ਮੌਕੇ ਜੋਗਿੰਦਰ ਸਿੰਘ ਅਟਵਾਲ, ਅਵਤਾਰ ਸਿੰਘ ਸਾਹਦੜਾ, ਰਾਣਾ ਰਣਦੀਪ ਕੌਸ਼ਲ, ਤਰਲੋਚਨ ਸਿੰਘ ਰੱਕੜ, ਜਸਪਾਲ ਸਿੰਘ ਜਾਡਲੀ, ਹਨੀ ਟੌਂਸਾ, ਰਘਵੀਰ ਸਿੰਘ ਕੁੱਲੇਵਾਲ, ਨਿਰਮਲ ਸਿੰਘ ਥਾਂਦੀ, ਗਿਆਨੀ ਅਵਤਾਰ ਸਿੰਘ ਅਤੇ ਕੁਲਦੀਪ ਸਿੰਘ ਖਾਲਸਾ ਆਦਿ ਪਤਵੰਤੇ ਵੀ ਮੌਜੂਦ ਸਨ।