ਮੁਲਾਜ਼ਮ ਤੇ ਸਮਾਜਿਕ ਜਥੇਬੰਦੀਆਂ ਵੱਲੋਂ ਭਗਵੰਤ ਮਾਨ ਦੀ ਕੋਠੀ ਅੱਗੇ ਧਰਨਾ

ਮੁਲਾਜ਼ਮ ਤੇ ਸਮਾਜਿਕ ਜਥੇਬੰਦੀਆਂ ਵੱਲੋਂ ਭਗਵੰਤ ਮਾਨ ਦੀ ਕੋਠੀ ਅੱਗੇ ਧਰਨਾ

ਸੰਗਰੂਰ- ਪੰਜਾਬ ਦੀਆਂ ਵੱਖ-ਵੱਖ ਮੁਲਾਜ਼ਮ ਅਤੇ ਸਮਾਜਿਕ ਜਥੇਬੰਦੀਆਂ ਦੀ ਜੁਆਇੰਟ ਐਕਸ਼ਨ ਕਮੇਟੀ ਦੀ ਅਗਵਾਈ ਹੇਠ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪੁੱਜੇ ਹਜ਼ਾਰਾਂ ਵਰਕਰਾਂ ਵੱਲੋਂ ਰਾਖਵਾਂਕਰਨ ਬਚਾਉਣ ਅਤੇ ਸੰਵਿਧਾਨਕ ਹੱਕਾਂ ਦੀ ਪ੍ਰਾਪਤੀ ਲਈ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਵਲੋਂ ਕੌਮੀ ਹਾਈਵੇਅ ਤੋਂ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਦੇ ਗੇਟ ਤੱਕ ਰੋਸ ਮਾਰਚ ਕਰਦਿਆਂ ਮੁੱਖ ਮੰਤਰੀ ਉਪਰ ਹੱਕੀ ਮੰਗਾਂ ਬਾਰੇ ਚੁੱਪੀ ਵੱਟਣ, ਪੱਛੜੇ ਸਮਾਜ ਵਿਰੋਧੀ ਵਤੀਰੇ ਅਤੇ ਦਲਿਤ ਹਿੱਤਾਂ ਦੇ ਕੀਤੇ ਜਾ ਰਹੇ ਘਾਣ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਹਜ਼ਾਰਾਂ ਵਰਕਰ ਨੈਸ਼ਨਲ ਹਾਈਵੇਅ ਦੇ ਸੰਗਰੂਰ-ਪਟਿਆਲਾ ਬਾਈਪਾਸ ਓਵਰਬ੍ਰਿੱਜ ਨੇੜੇ ਇਕੱਠੇ ਹੋਏ, ਜਿੱਥੇ ਆਵਾਜਾਈ ਠੱਪ ਕਰ ਕੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜੁਆਇੰਟ ਐਕਸ਼ਨ ਕਮੇਟੀ ਦੇ ਕੋਆਰਡੀਨੇਟਰ ਜਸਬੀਰ ਸਿੰਘ ਪਾਲ ਅਤੇ ਕੋ-ਕੋਆਰਡੀਨੇਟਰ ਹਰਵਿੰਦਰ ਸਿੰਘ ਅਤੇ ਕੁਲਵਿੰਦਰ ਸਿੰਘ ਬੋਦਲ ਨੇ ਮੰਗ ਕੀਤੀ ਕਿ 15 ਦਿਨਾਂ ਦੇ ਅੰਦਰ-ਅੰਦਰ ਪੈਨਲ ਮੀਟਿੰਗ ਕਰ ਕੇ ਸੰਵਿਧਾਨਕ ਹੱਕਾਂ ਦੀ ਪੂਰਤੀ ਕੀਤੀ ਜਾਵੇ। ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਸੰਘਰਸ਼ ਤੇਜ਼ ਜਾਵੇਗਾ। ਇਸ ਦੌਰਾਨ ਪ੍ਰਸ਼ਾਸਨ ਵੱਲੋਂ ਐੱਸਡੀਐੱਮ ਨਵਰੀਤ ਕੌਰ ਸੇਖੋਂ ਅਤੇ ਐੱਸਪੀ ਪਲਵਿੰਦਰ ਸਿੰਘ ਚੀਮਾ ਨੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ 22 ਦਸੰਬਰ ਨੂੰ ਸਵੇਰੇ 11 ਵਜੇ ਪੈਨਲ ਮੀਟਿੰਗ ਦਾ ਲਿਖ਼ਤੀ ਪੱਤਰ ਦਿੱਤਾ ਗਿਆ, ਜਿਸ ਮਗਰੋਂ ਧਰਨਾ ਸਮਾਪਤ ਹੋਇਆ।