ਪੰਜਾਬ ਵਿੱਚ ਗੈਂਗਸਟਰਾਂ ਦਾ ਰਾਜ ਹੋਇਆ: ਹਰਸਿਮਰਤ ਬਾਦਲ

ਪੰਜਾਬ ਵਿੱਚ ਗੈਂਗਸਟਰਾਂ ਦਾ ਰਾਜ ਹੋਇਆ: ਹਰਸਿਮਰਤ ਬਾਦਲ

ਮੁੱਖ ਮੰਤਰੀ ਭਗਵੰਤ ਮਾਨ ਨੂੰ ਲੋਕਾਂ ਨਾਲ ਕਾਮੇਡੀ ਕਰਨਾ ਬੰਦ ਕਰਨ ਦਾ ਮਸ਼ਵਰਾ
ਮਾਨਸਾ- ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਇੱਥੇ ਕਿਹਾ ਕਿ ਸੂਬੇ ਦੇ ਜੋ ਹਾਲਾਤ ਬਣ ਗਏ ਹਨ, ਉਨ੍ਹਾਂ ਨੂੰ ਦੇਖ ਕੇ ਲੋਕ ਡਰ ਮਹਿਸੂਸ ਕਰਨ ਲੱਗ ਪਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਨੂੰ ਲਾਵਾਰਿਸ ਛੱਡ ਕੇ ਹੋਰਨਾਂ ਸੂਬਿਆਂ ਦੇ ਲੋਕਾਂ ਨੂੰ ਗੁਮਰਾਹ ਕਰਨ ਲੱਗੇ ਹੋਏ ਹਨ।

ਬੀਬੀ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਗੈਂਗਸਟਰ ਰਾਜ ਚੱਲ ਰਿਹਾ ਹੈ ਤੇ ਰੋਜ਼ਾਨਾ ਕਤਲ, ਲੁੱਟਾਂ-ਖੋਹਾਂ ਤੇ ਹੋਰ ਹਿੰਸਕ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ 50 ਸਾਲਾਂ ਦੌਰਾਨ ਪੰਜਾਬ ਵਿੱਚ ਕਦੇ ਅਜਿਹੇ ਹਾਲਾਤ ਦੇਖਣ ਨੂੰ ਨਹੀਂ ਮਿਲੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦਾ ਪੈਸਾ ਹੋਰਨਾਂ ਸੂਬਿਆਂ ਵਿੱਚ ਖਰਚ ਰਹੀ ਹੈ, ਪਰ ਹਿਮਾਚਲ ਅਤੇ ਗੁਜਰਾਤ ਦੇ ਲੋਕਾਂ ਨੇ ਦੱਸ ਦਿੱਤਾ ਹੈ ਕਿ ਉਹ ‘ਆਪ’ ਦੇ ਝੂਠੇ ਲਾਰਿਆਂ ਵਿੱਚ ਆਉਣ ਵਾਲੇ ਨਹੀਂ। ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ ਕਿ ਉਹ ਸਿਆਸਤ ਨੂੰ ਵੀ ਕਾਮੇਡੀ ਹੀ ਸਮਝ ਰਹੇ ਹਨ, ਜੋ ਹੁਣ ਉਨ੍ਹਾਂ ਨੂੰ ਬੰਦ ਕਰ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚੋਂ ਨਸ਼ਾ ਖਤਮ ਕਰਨ ਅਤੇ ਔਰਤਾਂ ਨੂੰ ਤਰ੍ਹਾਂ-ਤਰ੍ਹਾਂ ਦੀਆਂ ਸਹੂਲਤਾਂ ਦੇਣ ਦੇ ਕੀਤੇ ਵਾਅਦੇ ਭੁੱਲ ਕੇ ਪੰਜਾਬ ਸਰਕਾਰ ਇਸ਼ਤਿਹਾਰਾਂ ਰਾਹੀਂ ਫੋਕੀ ਵਾਹ-ਵਾਹ ਖੱਟਣ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪੰਜਾਬੀਆਂ ਨੂੰ ਇਸ ਦਾ ਜਵਾਬ ਦੇਣਾ ਪਵੇਗਾ। ਇਸ ਮੌਕੇ ਪ੍ਰਧਾਨ ਗੁਰਮੇਲ ਸਿੰਘ ਫਫੜੇ, ਪ੍ਰੇਮ ਅਰੋੜਾ, ਸ਼ਾਮ ਲਾਲ ਧਲੇਵਾਂ ਅਤੇ ਹੋਰ ਪਾਰਟੀ ਆਗੂ ਤੇ ਵਰਕਰ ਵੀ ਹਾਜ਼ਰ ਸਨ।