ਉਦਯੋਗਪਤੀਆਂ ਨੂੰ ਹਰ ਸਹਿਯੋਗ ਦੇਵਾਂਗੇ: ਅਨਮੋਲ ਗਗਨ ਮਾਨ

ਉਦਯੋਗਪਤੀਆਂ ਨੂੰ ਹਰ ਸਹਿਯੋਗ ਦੇਵਾਂਗੇ: ਅਨਮੋਲ ਗਗਨ ਮਾਨ

ਅੰਮ੍ਰਿਤਸਰ – ਪੰਜਾਬ ਦੀ ਸੱਭਿਆਚਾਰ ਤੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਪੂੰਜੀ ਨਿਵੇਸ਼ ਅਤੇ ਆਪਣੇ ਯੋਗਦਾਨ ਦਾ ਵਿਸਥਾਰ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨਾ ਸਿਰਫ ਸਿੰਗਲ ਵਿੰਡੋ ਸਿਸਟਮ ਨੂੰ ਮਜ਼ਬੂਤ ਕਰੇਗੀ ਸਗੋਂ ਉਦਯੋਗਪਤੀਆਂ ਦੀਆਂ ਸਹੂਲਤਾਂ ਵਿੱਚ ਵੀ ਵਾਧਾ ਕਰੇਗੀ।

ਪੀਐੱਚ ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵੱਲੋਂ ਕਰਵਾਏ ਗਏ ਪੰਜਾਬ ਟਰੇਡ ਐਕਸਪੋ (ਪਾਈਟੈਕਸ) ਵਿੱਚ ਸੰਬੋਧਨ ਕਰਦਿਆਂ ਬੀਬੀ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ ਨਿਵੇਸ਼ ਦੇ ਅਨੁਕੂਲ ਮਾਹੌਲ ਹੈ। ਪੰਜਾਬ ਸਰਕਾਰ ਉਦਯੋਗਪਤੀਆਂ ਨੂੰ ਹਰ ਸੰਭਵ ਮਦਦ ਦੇਣ ਲਈ ਵਚਨਬੱਧ ਹੈ। ਉਦਯੋਗਪਤੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਨਵੀਆਂ ਨੀਤੀਆਂ ਬਣਾਈਆਂ ਜਾ ਰਹੀਆਂ ਹਨ। ਸਰਕਾਰ ਦਾ ਯਤਨ ਹੈ ਕਿ ਪੰਜਾਬ ਵਿੱਚ ਵੱਧ ਤੋਂ ਵੱਧ ਉਦਯੋਗ ਆਉਣ ਤਾਂ ਜੋ ਨਵੀਆਂ ਨੌਕਰੀਆਂ ਪੈਦਾ ਕੀਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਯਤਨ ਹੈ ਕਿ ਸੂਬੇ ਨੂੰ ਉਦਯੋਗਿਕ ਵਿਕਾਸ ਦੇ ਮਾਮਲੇ ਵਿੱਚ ਆਤਮ-ਨਿਰਭਰ ਬਣਾਇਆ ਜਾਵੇ। ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ ਦੇ ਸੀਸੀਓ ਕੇ.ਕੇ. ਯਾਦਵ ਨੇ ਕਿਹਾ ਕਿ ਪਿਛਲੇ ਅੱਠ ਮਹੀਨਿਆਂ ਦੌਰਾਨ ਪੰਜਾਬ ਵਿੱਚ 27 ਹਜ਼ਾਰ ਕਰੋੜ ਦਾ ਨਿਵੇਸ਼ ਹੋ ਚੁੱਕਿਆ ਹੈ ਅਤੇ ਪੰਜਾਬ ਸਰਕਾਰ ਵੱਲੋਂ ਪੂੰਜੀ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਮੁਹਾਲੀ ਵਿੱਚ 23 ਤੇ 24 ਫਰਵਰੀ ਨੂੰ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਅੰਮ੍ਰਿਤਸਰ ਦੇ ਉੱਦਮੀਆਂ ਨੂੰ ਸੱਦਾ ਦਿੱਤਾ ਕਿ ਉਹ ਉਦਯੋਗਾਂ ਦਾ ਵਿਸਥਾਰ ਕਰਦੇ ਹੋਏ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ।