ਪੰਜਾਬ ’ਚ ਕਤਲ-ਪੀੜਤਾਂ ਨੂੰ ਨਿਆਂ ਦਿਵਾਉਣ ਲਈ ਸੰਘਰਸ਼ ਕਰੇਗਾ ਅਕਾਲੀ ਦਲ

ਪੰਜਾਬ ’ਚ ਕਤਲ-ਪੀੜਤਾਂ ਨੂੰ ਨਿਆਂ ਦਿਵਾਉਣ ਲਈ ਸੰਘਰਸ਼ ਕਰੇਗਾ ਅਕਾਲੀ ਦਲ

ਸੁਖਬੀਰ ਬਾਦਲ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
ਆਦਮਪੁਰ ਦੋਆਬਾ (ਜਲੰਧਰ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਕੋਦਰ ਤੇ ਸ਼ਾਹਕੋਟ ਵਿਚ ਗੈਂਗਸਟਰਾਂ ਵੱਲੋਂ ਫਿਰੌਤੀਆਂ ਵਸੂਲਣ ਦੇ ਮਾਮਲੇ ਵਿੱਚ ਕਤਲ ਕੀਤੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਸ੍ਰੀ ਬਾਦਲ ਨੇ ਕਿਹਾ ਕਿ ਇਸ ਮਾਮਲੇ ਵਿਚ ‘ਆਪ’ ਸਰਕਾਰ ਨੇ ਲੋੜੀਂਦੇ ਕਦਮ ਨਹੀਂ ਚੁੱਕੇ ਪਰ ਅਕਾਲੀ ਦਲ ਸੰਘਰਸ਼ ਵਿੱਢ ਕੇ ਇਨ੍ਹਾਂ ਪਰਿਵਾਰਾਂ ਲਈ ਨਿਆਂ ਹਾਸਲ ਕਰੇਗਾ। ਅਕਾਲੀ ਦਲ ਪ੍ਰਧਾਨ ਨੇ ਨਕੋਦਰ ਵਿਚ ਵਪਾਰੀ ਭੁਪਿੰਦਰ ਸਿੰਘ ਚਾਵਲਾ ਅਤੇ ਸ਼ਾਹਕੋਟ ਨੇੜੇ ਪੁਲੀਸ ਮੁਲਾਜ਼ਮ ਮਨਦੀਪ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਨ੍ਹਾਂ ਦੋਵਾਂ ਦੀ ਫਿਰੌਤੀਆਂ ਵਸੂਲਣ ਵਾਲਿਆਂ ਨੇ ਹੱਤਿਆ ਕਰ ਦਿੱਤੀ ਸੀ। ਭੁਪਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਇਸ ਮੌਕੇ ਆਖਿਆ ਕਿ ਉਹ ਸੋਚ ਰਹੇ ਹਨ ਕਿ ਪੰਜਾਬ ਛੱਡ ਦੇਣ ਕਿਉਂਕਿ ਸੂਬਾ ਹੁਣ ਸੁਰੱਖਿਅਤ ਨਹੀਂ ਰਿਹਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਪੁਲੀਸ ਵਿਭਾਗ ਨੂੰ ਫਿਰੌਤੀ ਲਈ ਆ ਰਹੇ ਫੋਨਾਂ ਬਾਰੇ ਦੱਸਿਆ ਸੀ ਪਰ ਪੁਲੀਸ ਇਸ ਮਾਮਲੇ ਵਿਚ ਸ਼ਾਮਲ ਗੈਂਗਸਟਰਾਂ ਦੀ ਸ਼ਨਾਖ਼ਤ ਨਹੀਂ ਕਰ ਸਕੀ।ਸ੍ਰੀ ਬਾਦਲ ਨੇ ਦੋਵਾਂ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਅਕਾਲੀ ਦਲ ਉਨ੍ਹਾਂ ਦੇ ਮਾਮਲੇ ਚੁੱਕੇਗਾ ਅਤੇ ਉਨ੍ਹਾਂ ਨੂੰ ਨਿਆਂ ਮਿਲਣਾ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਸੂਬੇ ਭਰ ਵਿਚ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਹਾਲਾਤ ਬਦ ਤੋਂ ਬਦਤਰ ਇਸ ਕਰਕੇ ਹੋ ਗਏ ਹਨ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦੀ ਵਜ਼ਾਰਤ ਪੰਜਾਬ ਦਾ ਫਿਕਰ ਛੱਡ ਕੇ ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਵਿਚ ਚੋਣ ਪ੍ਰਚਾਰ ਵਿਚ ਰੁਝੀ ਰਹੀ ਸੀ। ਉਨ੍ਹਾਂ ਮੰਗ ਕੀਤੀ ਕਿ ਭੁਪਿੰਦਰ ਸਿੰਘ ਚਾਵਲਾ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।

ਲਤੀਫਪੁਰਾ ਦੇ ਪੀੜਤਾਂ ਨੂੰ ਮਿਲੇ ਅਕਾਲੀ ਦਲ ਦੇ ਪ੍ਰਧਾਨ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਦੇਰ ਰਾਤ ਜਲੰਧਰ ਦੇ ਲਤੀਫਪੁਰਾ ਵਿੱਚ ਬੇਘਰ ਹੋਏ ਲੋਕਾਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਦਾ ਭਰੋਸਾ ਦਿੱਤਾ ਗਿਆ। ਸ੍ਰੀ ਬਾਦਲ ਨੇ ਸਰਕਾਰ ਵੱਲੋਂ ਉਜਾੜੇ ਲੋਕਾਂ ਦੀ ਸਹਾਇਤਾ ਲਈ ਕਮੇਟੀ ਬਣਾਈ ਤਾਂ ਜੋ ਉਹ ਪੀੜਤ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਾਣ ਸਕੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਉਨ੍ਹਾਂ ਦਾ ਪੱਖ ਰੱਖਣ ਲਈ ਵਕੀਲਾਂ ਦੀ ਸਲਾਹ ਲੈ ਕੇ ਕਾਨੂੰਨੀ ਸਹਾਇਤਾ ਕਰੇਗਾ ਤੇ ਉਨ੍ਹਾਂ ਨੂੰ ਇਨਸਾਫ਼ ਦਿਵਾ ਕੇ ਹੀ ਸਾਹ ਲਵੇਗਾ। ਉਨ੍ਹਾਂ ਪੀੜਤਾਂ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਉਹ ਉਨ੍ਹਾਂ ਦੇ ਮੁੜ ਵਸੇਬੇ ਲਈ ਹਰ ਤਰ੍ਹਾਂ ਦਾ ਸੰਘਰਸ਼ ਕਰਨਗੇ। ਉਨ੍ਹਾਂ ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਵੀ ਅਪੀਲ ਕੀਤੀ ਕਿ ਉਹ ਪੀੜਤਾਂ ਲਈ ਮਦਦ ਕਰਨ ਦਾ ਪ੍ਰਬੰਧ ਕਰਨ ਤਾਂ ਜੋ ਇਹ ਠੰਢ ਦੇ ਦਿਨਾਂ ਵਿਚ ਰਾਤ ਨੂੰ ਖੁੱਲ੍ਹੇ ਅਸਮਾਨ ਹੇਠ ਰਹਿਣ ਲਈ ਮਜਬੂਰ ਨਾ ਹੋਣ। ਉਨ੍ਹਾਂ ਕਿਹਾ ਕਿ ਉਹ ਅਦਾਲਤ ਦੇ ਹਰ ਫੈਸਲੇ ਦਾ ਸਨਮਾਨ ਕਰਦੇ ਹਨ ਪਰ ਸਰਕਾਰ ਨੂੰ ਚਾਹੀਦਾ ਸੀ ਕਿ ਉਹ ਪਹਿਲਾ ਇਨ੍ਹਾਂ ਦੇ ਰਹਿਣ ਲਈ ਥਾਂ ਦਾ ਪ੍ਰਬੰਧ ਕਰਦੀ।