ਹਾਕੀ ਦੀ ਪੁਰਾਤਨ ਸ਼ਾਨ ਬਹਾਲ ਕੀਤੀ ਜਾਵੇਗੀ: ਮਾਨ

ਹਾਕੀ ਦੀ ਪੁਰਾਤਨ ਸ਼ਾਨ ਬਹਾਲ ਕੀਤੀ ਜਾਵੇਗੀ: ਮਾਨ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤ ਵਿੱਚ ਉੜੀਸਾ ਦੇ ਭੁਵਨੇਸ਼ਵਰ ਵਿੱਚ 13 ਤੋਂ 29 ਜਨਵਰੀ ਤੱਕ ਹੋਣ ਵਾਲੀ ਵਿਸ਼ਵ ਹਾਕੀ ਕੱਪ (ਪੁਰਸ਼) ਲਈ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ।

ਮੁੱਖ ਮੰਤਰੀ ਨੇ ਅੱਜ ਇਥੇ ਆਪਣੀ ਰਿਹਾਇਸ਼ ’ਤੇ ਪੁਰਸ਼ਾਂ ਦੇ ਹਾਕੀ ਵਿਸ਼ਵ ਕੱਪ ਦੀ ਟਰਾਫ਼ੀ ਦਾ ਸਵਾਗਤ ਕਰਦਿਆਂ ਪ੍ਰਣ ਕੀਤਾ ਕਿ ਪੰਜਾਬ ਵਿੱਚ ਹਾਕੀ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।

ਉਨ੍ਹਾਂ ਕਿਹਾ ਕਿ ਸਾਡੀ ਕੌਮੀ ਖੇਡ ਹੋਣ ਦੇ ਬਾਵਜੂਦ ਪਿਛਲੀਆਂ ਸਰਕਾਰਾਂ ਦੇ ਅਵੇਸਲੇਪਣ ਕਾਰਨ ਹਾਕੀ ਖੇਡ ਮੈਦਾਨ ’ਚ ਪੱਛੜਦੀ ਰਹੀ ਹੈ, ਪਰ ਹੁਣ ਸੂਬਾ ਸਰਕਾਰ ਹਾਕੀ ਨੂੰ ਬਣਦਾ ਰੁਤਬਾ ਦਿਵਾਏਗੀ। ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਤ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਵਰਗੀ ਅਲਾਮਤ ਤੋਂ ਦੂਰ ਰੱਖਣ ਦੇ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਹਾਕੀ ਦੇ ਮੈਦਾਨ ਵਿੱਚ ਪੰਜਾਬੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਦੁਨੀਆ ਭਰ ਵਿੱਚ ਸੂਬੇ ਦਾ ਨਾਮ ਰੋਸ਼ਨ ਕੀਤਾ ਹੈ। ਜ਼ਿਕਰਯੋਗ ਹੈ ਕਿ ਭਾਰਤੀ ਹਾਕੀ ਟੀਮ ਨੇ ਪਿਛਲੇ ਸਾਲ ਟੋਕੀਓ ਵਿੱਚ ਹੋਈਆਂ ਓਲੰਪਿਕ ਖੇਡਾਂ ’ਚ 41 ਸਾਲਾਂ ਬਾਅਦ ਤਗ਼ਮਾ ਜਿੱਤਿਆ ਸੀ। ਇਸ ਟੀਮ ਵਿੱਚ ਕਪਤਾਨ ਮਨਪ੍ਰੀਤ ਸਿੰਘ ਸਣੇ 11 ਖਿਡਾਰੀ ਪੰਜਾਬ ਨਾਲ ਸਬੰਧਤ ਸਨ। ਇਸ ਦੇ ਨਾਲ ਹੀ 1975 ਵਿੱਚ ਇਕਲੌਤਾ ਹਾਕੀ ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਦੀ ਕਪਤਾਨੀ ਵੀ ਪੰਜਾਬ ਦੇ ਅਜੀਤਪਾਲ ਸਿੰਘ ਕੋਲ ਸੀ। ਅਗਲੇ ਮਹੀਨੇ ਭਾਰਤ ਦੀ ਮੇਜ਼ਬਾਨੀ ਵਿੱਚ ਹੋਣ ਵਾਲੇ ਵਿਸ਼ਵ ਕੱਪ ਦੀ ਟੀਮ ਦੇ ਕੈਂਪ ਵਿੱਚ ਵੀ ਅੱਧੇ ਤੋਂ ਵੱਧ ਖਿਡਾਰੀ ਪੰਜਾਬ ਦੇ ਹਨ।