ਪੰਜਾਬ ’ਚ ਹੁਣ ਨਹੀਂ ਲੱਗਣਗੇ ਬਿਜਲੀ ਦੇ ਕੱਟ: ਭਗਵੰਤ ਮਾਨ

ਪੰਜਾਬ ’ਚ ਹੁਣ ਨਹੀਂ ਲੱਗਣਗੇ ਬਿਜਲੀ ਦੇ ਕੱਟ: ਭਗਵੰਤ ਮਾਨ

ਮੁੱਖ ਮੰਤਰੀ ਵੱਲੋਂ ਪਛਵਾੜਾ ਖਾਣ ਤੋਂ ਥਰਮਲ ਪਲਾਂਟ ਵਿੱਚ ਕੋਲਾ ਲੈ ਕੇ ਪੁੱਜੀ ਰੇਲ ਗੱਡੀ ਦਾ ਸਵਾਗਤ
ਰੂਪਨਗਰ/ਘਨੌਲੀ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਵਿੱਚ ਪੀਐੱਸਪੀਸੀਐੱਲ ਦੀ ਪਛਵਾੜਾ ਖਾਣ ਤੋਂ ਕੋਲਾ ਲੈ ਕੇ ਪੁੱਜੀ ਰੇਲ ਗੱਡੀ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਆਪਣੀ ਕੋਲਾ ਖਾਣ ਸ਼ੁਰੂ ਹੋਣ ਨਾਲ, ਜਿੱਥੇ ਸੂਬੇ ਵਿੱਚ ਹੁਣ ਬਿਜਲੀ ਦੇ ਕੱਟ ਨਹੀਂ ਲੱਗਣਗੇ, ਉੱਥੇ ਹੀ ਕੋਲਾ ਵੀ ਪਹਿਲਾਂ ਨਾਲੋਂ ਸਸਤਾ ਮਿਲੇਗਾ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਪੰਜਾਬ ਨੇ ਪਿਛਲੇ ਸਾਲ ਦੇ ਮੁਕਾਬਲੇ 83 ਫ਼ੀਸਦੀ ਵੱਧ ਬਿਜਲੀ ਦਾ ਉਤਪਾਦਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਅਲਾਟ ਹੋਈ ਪਛਵਾੜਾ ਖਾਣ ਦਾ ਉਤਪਾਦਨ 2015 ਤੋਂ ਬੰਦ ਪਿਆ ਸੀ। ਪਿਛਲੀਆਂ ਸਰਕਾਰਾਂ ਨੇ ਉਤਪਾਦਨ ਬਹਾਲ ਕਰਨ ਵੱਲ ਧਿਆਨ ਨਹੀਂ ਦਿੱਤਾ ਤੇ ਉਨ੍ਹਾਂ ਦੀ ਸਰਕਾਰ ਨੇ ਸੱਤਾ ਸੰਭਾਲਦਿਆਂ ਹੀ ਮਾਰਚ-2022 ਵਿੱਚ ਇਸ ਮਾਮਲੇ ਦੀ ਸਹੀ ਢੰਗ ਨਾਲ ਪੈਰਵੀ ਕਰ ਕੇ ਕੋਲੇ ਦੀ ਖਾਣ ਦੀ ਸਪਲਾਈ ਬਹਾਲ ਕਰਵਾ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਸ ਖਾਣ ਤੋਂ 70 ਲੱਖ ਟਨ ਸਾਲਾਨਾ ਕੋਲਾ ਪ੍ਰਾਪਤ ਹੋਵੇਗਾ ਤੇ ਪੰਜਾਬ ਦੇ ਤਾਪ ਬਿਜਲੀ ਘਰਾਂ ਲਈ ਭਵਿੱਖ ਵਿੱਚ ਵਿਦੇਸ਼ਾਂ ਤੋਂ ਕੋਲਾ ਮੰਗਵਾਉਣ ਦੀ ਕੋਈ ਲੋੜ ਨਹੀਂ ਰਹੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਿਛਲੀਆਂ ਸਰਕਾਰਾਂ ਦੌਰਾਨ ਕੀਤੇ ਗਏ ਸਾਰੇ ਬਿਜਲੀ ਖ਼ਰੀਦ ਸਮਝੌਤਿਆਂ (ਪੀਪੀਏ) ਦੀ ਸਮੀਖਿਆ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਕੋਲੇ ਦੀ ਸਪਲਾਈ ਮੁੜ ਸ਼ੁਰੂ ਹੋਣ ਨਾਲ ਪੀਐੱਸਪੀਸੀਐੱਲ ਨੂੰ 600 ਕਰੋੜ ਰੁਪਏ ਸਾਲਾਨਾ ਦੀ ਸਿੱਧੀ ਬੱਚਤ ਹੋਵੇਗੀ, ਜਦੋਂਕਿ ਘਰੇਲੂ ਕੋਲੇ ’ਤੇ ਪੂਰੀ ਤਰ੍ਹਾਂ ਨਿਰਭਰਤਾ ਨਾਲ ਹੋਰ 520 ਕਰੋੜ ਰੁਪਏ ਦੀ ਬੱਚਤ ਹੋਵੇਗੀ। ਇਸ ਤੋਂ ਇਲਾਵਾ ਪ੍ਰਾਈਵੇਟ ਕੰਪਨੀਆਂ ਨੂੰ ਵਾਧੂ ਬਚਦੇ ਕੋਲੇ ਦੀ ਸਪਲਾਈ ਤੋਂ ਹੋਰ 1500 ਕਰੋੜ ਰੁਪਏ ਜੁਟਾਏ ਜਾਣਗੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਕੇਂਦਰੀ ਊਰਜਾ ਮੰਤਰੀ ਨੂੰ ਭਾਰਤ ਸਰਕਾਰ ਦੇ ਇਸ ਫ਼ੈਸਲੇ ਦੀ ਸਮੀਖਿਆ ਕਰਨ ਅਤੇ ਮੌਜੂਦਾ ਆਰਐੱਸਆਰ ਮੋਡ ਦੀ ਬਜਾਏ ਸਿੱਧਾ ਰੇਲ ਮੋਡ ਰਾਹੀਂ ਸੂਬੇ ਨੂੰ ਕੋਲੇ ਦੀ 100 ਫ਼ੀਸਦੀ ਸਪਲਾਈ ਦੀ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਸੀ।