ਪੰਜਾਬ ’ਚ ਸਿੱਖਿਆ ਢਾਂਚਾ ਹੋਰ ਬਿਹਤਰ ਬਣਾਇਆ ਜਾਵੇਗਾ: ਹਰਜੋਤ ਬੈਂਸ

ਪੰਜਾਬ ’ਚ ਸਿੱਖਿਆ ਢਾਂਚਾ ਹੋਰ ਬਿਹਤਰ ਬਣਾਇਆ ਜਾਵੇਗਾ: ਹਰਜੋਤ ਬੈਂਸ

ਮਨੀਸ਼ ਸਿਸੋਦੀਆ ਨਾਲ ਤਰਨ ਤਾਰਨ ਜ਼ਿਲ੍ਹੇ ਦੇ ਸਕੂਲਾਂ ਦਾ ਕੀਤਾ ਨਿਰੀਖਣ
ਤਰਨ ਤਾਰਨ-ਦਿੱਲੀ ਸਰਕਾਰ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਜ਼ਿਲ੍ਹੇ ਦੇ ਕਈ ਸਰਕਾਰੀ ਸਕੂਲਾਂ ਦਾ ਨਿਰੀਖਣ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਤਰਨ ਤਾਰਨ ਸ਼ਹਿਰ ’ਚ ਗੁਰੂ ਅਰਜਨ ਦੇਵ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ), ਕੈਰੋਂ ਪਿੰਡ ਦਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਤੇ ਸਰਕਾਰੀ ਐਲੀਮੈਂਟਰੀ ਸਕੂਲ ਤੋਂ ਇਲਾਵਾ ਉਸਮਾਂ ਪਿੰਡ ਦੇ ਐਲੀਮੈਂਟਰੀ ਅਤੇ ਮਿਡਲ ਸਕੂਲ ਦਾ ਦੌਰਾ ਕਰਕੇ ਦੋਵੇਂ ਆਗੂਆਂ ਨੇ ਉਥੋਂ ਦੇ ਹਾਲਾਤ ਦਾ ਜਾਇਜ਼ਾ ਲਿਆ। ਨਿਰੀਖਣ ਮੌਕੇ ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਅਤੇ ਕੈਰੋਂ ਤੇ ਉਸਮਾਂ ਦੇ ਸਕੂਲਾਂ ਦੇ ਨਿਰੀਖਣ ਮੌਕੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੀ ਉਨ੍ਹਾਂ ਨਾਲ ਸ਼ਾਮਲ ਰਹੇ।

ਨਿਰੀਖਣ ਦੌਰਾਨ ਸਾਹਮਣੇ ਆਇਆ ਕਿ ਸੈਕੰਡਰੀ ਵਿਭਾਗ ਦੇ ਸਕੂਲਾਂ ਵਿੱਚ ਉਚੇਰੀਆਂ ਜਮਾਤਾਂ ਲਈ ਲੈਕਚਰਾਰ ਕਾਡਰ ਦੀਆਂ ਵੱਡੀ ਗਿਣਤੀ ਅਸਾਮੀਆਂ ਖਾਲੀ ਹਨ। ਇਸ ਸਬੰਧੀ ਸਰਕਾਰੀ ਤੌਰ ’ਤੇ ਪ੍ਰੈੱਸ ਨੋਟ ਜਾਰੀ ਕਰ ਕੇ ਮਨੀਸ਼ ਸਿਸੋਦੀਆ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੂਬੇ ਅੰਦਰ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਦੇ ਨਾਲ-ਨਾਲ ਸਿੱਖਿਆ ਦੇ ਮਿਆਰ ਨੂੰ ਹੋਰ ਬਿਹਤਰ ਬਣਾ ਕੇ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਅੱਵਲ ਸੂਬਾ ਬਣਾਇਆ ਜਾਵੇਗਾ। ਬੈਂਸ ਨੇ ਦੱਸਿਆ ਕਿ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ ਦੀਆਂ ਗਿਆਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਬੈਠਣ ਲਈ ਡੈਸਕ ਉਪਲੱਬਧ ਕਰਵਾਏ ਜਾਣਗੇ। ਨਿਰੀਖਣ ਵਿੱਚ ਡੀਜੀਐੱਸਈ ਤੇ ਵਿਭਾਗ ਦੇ ਡੀਪੀਆਈ ਵੀ ਸ਼ਾਮਲ ਸਨ। ਇਸ ਮੌਕੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਰਿੰਦਰ ਕੁਮਾਰ ਸ਼ਰਮਾ, ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ, ਡੀਪੀਆਈ ਤੇਜਦੀਪ ਸਿੰਘ ਸੈਣੀ, ਦਿੱਲੀ ਤੋਂ ਵਿਧਾਇਕਾ ਆਤਿਸ਼ੀ ਅਤੇ ਸਟੇਟ ਮੀਡੀਆ ਇੰਚਾਰਜ ਗੁਰਮੀਤ ਸਿੰਘ ਬਰਾੜ ਵੀ ਹਾਜ਼ਰ ਸਨ।