ਦਾਦੂਵਾਲ ਵੱਲੋਂ ਸੁਖਬੀਰ ਬਾਦਲ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ

ਦਾਦੂਵਾਲ ਵੱਲੋਂ ਸੁਖਬੀਰ ਬਾਦਲ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ

ਭਾਜਪਾ ਨਾਲ ਭਾਈਵਾਲੀ ਕਰਕੇ ਵਜ਼ੀਰੀਆਂ ਹਾਸਲ ਕਰਨ ਦਾ ਲਾਇਆ ਦੋਸ਼
ਚੰਡੀਗੜ੍ਹ- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ। ਇਸੇ ਵਿਚਕਾਰ ਅੱਜ ਬਲਜੀਤ ਸਿੰਘ ਦਾਦੂਵਾਲ ਨੇ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨਾਲ ਭਾਈਵਾਲੀ ਕਰਕੇ ਵਜ਼ੀਰੀਆਂ ਹਾਸਲ ਕਰਨ ਵਾਲੇ ਸੁਖਬੀਰ ਬਾਦਲ ਉਨ੍ਹਾਂ ’ਤੇ ਪੰਥ ਦਾ ਗੱਦਾਰ ਹੋਣ ਦਾ ਦੋਸ਼ ਲਗਾ ਰਹੇ ਹਨ ਜਦਕਿ ਪੰਥ ਤੇ ਪੰਜਾਬ ਵਿਰੋਧੀ ਗਤੀਵਿਧੀਆਂ ਵਿੱਚ ਉਹ ਖੁਦ ਸ਼ਾਮਲ ਰਹੇ ਹਨ। ਸ੍ਰੀ ਦਾਦੂਵਾਲ ਨੇ ਕਿਹਾ ਕਿ ਉਹ ਸਿੱਖ ਪੰਥ ਦੇ ਮਸਲਿਆਂ ਨੂੰ ਹੱਲ ਕਰਨ ਲਈ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕਰਨ ਗਏ ਸਨ, ਪਰ ਸ਼੍ਰੋਮਣੀ ਅਕਾਲੀ ਦਲ ਨੇ ਲੰਬਾ ਸਮਾਂ ਭਾਜਪਾ ਨਾਲ ਭਾਈਵਾਲ ਰਹਿ ਕੇ ਸਿਰਫ਼ ਸੱਤਾ ਦਾ ਆਨੰਦ ਮਾਣਿਆ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਨਵੰਬਰ 2015 ’ਚ ਚੰਡੀਗੜ੍ਹ ’ਚ ਇਕ ਘੰਟਾ ਮੀਟਿੰਗ ਕਰਕੇ ਉਨ੍ਹਾਂ ਨੂੰ ਸਰਬੱਤ ਖਾਲਸਾ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਰੋਕਿਆ ਗਿਆ ਅਤੇ ਸਿੱਖ ਮਸਲਿਆਂ ਨੂੰ ਛੱਡਣ ਬਾਰੇ ਜ਼ੋਰ ਦਿੱਤਾ। ਸੁਖਬੀਰ ਬਾਦਲ ਨੇ ਉਨ੍ਹਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਜਥੇਦਾਰ ਲਗਾਉਣ ਤੱਕ ਦੀ ਪੇਸ਼ਕਸ਼ ਕੀਤੀ ਸੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਿੱਖਾਂ ਦੇ ਕਈ ਕੰਮ ਹੋਏ ਤੇ ਉਨ੍ਹਾਂ ਨੇ ਰਹਿੰਦੇ ਕੰਮਾਂ ਨੂੰ ਜਲਦ ਪੂਰਾ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਬਿਲਕੀਸ ਬਾਨੋ ਜਬਰ-ਜਨਾਹ ਕੇਸ ਅਤੇ ਰਾਜੀਵ ਗਾਂਧੀ ਕਤਲ ਕੇਸ ਦੇ ਦੋਸ਼ੀਆਂ ਨੂੰ ਰਿਹਾਅ ਕੀਤਾ ਜਾ ਸਕਦਾ ਹੈ ਤਾਂ ਬੰਦੀ ਸਿੰਘਾਂ ਨੂੰ ਵੀ ਰਿਹਾਅ ਕਰਨਾ ਚਾਹੀਦਾ ਹੈ। ਸਾਹਿਬਜ਼ਾਦਿਆਂ ਦੇ ਨਾਂ ਅੱਗਿਓਂ ‘ਵੀਰ’ ਸ਼ਬਦ ਹਟਾਉਣ ਦੇ ਵਿਰੋਧ ਬਾਰੇ ਦਾਦੂਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਕ ਸ਼ਬਦ ਪਿੱਛੇ ਕੋਈ ਵਿਵਾਦ ਖੜ੍ਹਾ ਨਾ ਕਰਦੇ ਹੋਏ ਇਸ ਨੂੰ ਹਟਾ ਦੇਣਾ ਚਾਹੀਦਾ ਹੈ। ਬਲਜੀਤ ਸਿੰਘ ਦਾਦੂਵਾਲ ਨੇ ਅੰਮ੍ਰਿਤਪਾਲ ਨੂੰ ਅਪੀਲ ਕੀਤੀ ਕਿ ਗੁਰਦੁਆਰਿਆਂ ਦੀ ਪ੍ਰਾਪਰਟੀ ਨੂੰ ਨਸ਼ਟ ਨਾ ਕੀਤਾ ਜਾਵੇ ਬਲਕਿ ਗੁਰ ਮਰਿਆਦਾ ਵਿੱਚ ਰਹਿ ਕੇ ਸਿੱਖ ਧਰਮ ਦੇ ਪ੍ਰਚਾਰ-ਪ੍ਰਸਾਰ ਲਈ ਕੰਮ ਕੀਤਾ ਜਾਵੇ।

ਐਡਹਾਕ ਕਮੇਟੀ ਦੀ ਚੋਣ 21 ਨੂੰ

ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ 38 ਮੈਂਬਰੀ ਐਡਹਾਕ ਕਮੇਟੀ ਦੇ ਮੈਂਬਰਾਂ ਦੀ ਚੋਣ 21 ਦਸੰਬਰ ਨੂੰ ਕੀਤੀ ਜਾਵੇਗੀ। ਉਸ ਤੋਂ ਬਾਅਦ ਉਹ ਸਾਰੇ ਮੈਂਬਰ ਕਿਸੇ ਨੂੰ ਵੀ ਸਰਬਸੰਮਤੀ ਨਾਲ ਪ੍ਰਧਾਨ ਚੁਣ ਸਕਦੇ ਹਨ ਜਾਂ ਫਿਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਲਈ ਵੀ ਚੋਣ ਹੋ ਸਕਦੀ ਹੈ।