ਮਾਲਬਰੋਜ਼ ਸ਼ਰਾਬ ਫੈਕਟਰੀ ਦਾ ਮਾਮਲਾ-ਪੁਲੀਸ ਲਾਠੀਚਾਰਜ ਵਿਰੁੱਧ ਵੱਖ-ਵੱਖ ਥਾਈਂ ਪ੍ਰਦਰਸ਼ਨ

ਮਾਲਬਰੋਜ਼ ਸ਼ਰਾਬ ਫੈਕਟਰੀ ਦਾ ਮਾਮਲਾ-ਪੁਲੀਸ ਲਾਠੀਚਾਰਜ ਵਿਰੁੱਧ ਵੱਖ-ਵੱਖ ਥਾਈਂ ਪ੍ਰਦਰਸ਼ਨ

ਭਗਵੰਤ ਮਾਨ ਸਰਕਾਰ ਦੇ ਪੁਤਲੇ ਫੂਕੇ; ਸਰਕਾਰ ’ਤੇ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰਨ ਦੇ ਦੋਸ਼
ਬਰਨਾਲਾ- ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਾਉਣ ਦੀ ਮੰਗ ਨੂੰ ਲੈ ਕੇ ਡਟੇ ਧਰਨਾਕਾਰੀਆਂ ’ਤੇ ਲੰਘੇ ਦਿਨ ਕੀਤੇ ਗਏ ਪੁਲੀਸ ਲਾਠੀਚਾਰਜ ਦੇ ਖਿਲਾਫ਼ ਭਾਕਿਯੂ (ਏਕਤਾ) ਉਗਰਾਹਾਂ ਜ਼ਿਲ੍ਹਾ ਬਰਨਾਲਾ ਵੱਲੋਂ ਇੱਥੇ ਦਾਣਾ ਮੰਡੀ ਵਿਖੇ ਇਕੱਤਰਤਾ ਉਪਰੰਤ ਸ਼ਹਿਰ ’ਚੋਂ ਰੋਸ ਮਾਰਚ ਕਰਦਿਆਂ ਡੀਸੀ ਦਫ਼ਤਰ ਪੁੱਜ ਕੇ ਸਰਕਾਰ ਦੀ ਅਰਥੀ ਸਾੜੀ ਗਈ। ਰੋਸ ਇਕੱਤਰਤਾ ਨੂੰ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਰੂਪ ਸਿੰਘ ਛੰਨਾ, ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਬੁੱਕਣ ਸਿੰਘ ਸੈਦੋਵਾਲ, ਜਨਰਲ ਸਕੱਤਰ ਜਰਨੈਲ ਸਿੰਘ ਬਦਰਾ ਤੇ ਔਰਤ ਆਗੂ ਕਮਲਜੀਤ ਕੌਰ ਬਰਨਾਲਾ ਤੇ ਬਿੰਦਰ ਪਾਲ ਕੌਰ ਭਦੌੜ ਨੇ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ 14 ਨਾਮਜ਼ਦ ਆਗੂਆਂ ਸਮੇਤ 100 ਤੋਂ 125 ਅਣਪਛਾਤੇ ਵਿਅਕਤੀਆਂ ਉੱਤੇ ਕੇਸ ਦਰਜ ਕਰਕੇ 60 ਤੋਂ ਵੱਧ ਗ੍ਰਿਫ਼ਤਾਰੀਆਂ ਵੀ ਕੀਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿੱਚ ਔਰਤ ਆਗੂ ਵੀ ਸ਼ਾਮਲ ਸਨ। ਆਗੂਆਂ ਨੇ ਕਾਰਪੋਰੇਟ ਘਰਾਣਿਆਂ ਪੱਖੀ ਸਰਕਾਰਾਂ ਦੇ ਖਿਲਾਫ਼ ਏਕੇ ਨਾਲ ਮੂੰਹ ਤੋੜਵਾਂ ਜਵਾਬ ਦੇਣ ਦਾ ਸੱਦਾ ਵੀ ਦਿੱਤਾ। ਇਸ ਮੌਕੇ ਬਲਵਿੰਦਰ ਸਿੰਘ, ਜਰਨੈਲ ਸਿੰਘ, ਨਾਜ਼ਰ ਸਿੰਘ, ਜੱਜ ਸਿੰਘ, ਗੁਰਨਾਮ ਸਿੰਘ, ਸੁਖਦੇਵ ਸਿੰਘ, ਗੁਰਚਰਨ ਸਿੰਘ,ਸੰਦੀਪ ਕੌਰ ਤੇ ਸੁਖਦੇਵ ਕੌਰ ਆਦਿ ਆਗੂ ਹਾਜ਼ਰ ਸਨ।