ਪੰਜਾਬ ਸਰਕਾਰ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਰਿਹਾਅ ਕਰਨ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਰਿਹਾਅ ਕਰਨ ਦੇ ਹੁਕਮ

ਸਰਕਾਰੀ ਜਾਂਚ ਕਮੇਟੀਆਂ ਵੱਲੋਂ ਪੜਤਾਲ ਸ਼ੁਰੂ; ਵੱਖ-ਵੱਖ ਟੀਮਾਂ ਨੇ ਸ਼ਰਾਬ ਫੈਕਟਰੀ ਵਿੱਚੋਂ ਨਮੂਨੇ ਭਰੇ

ਫ਼ਿਰੋਜ਼ਪੁਰ/ਜ਼ੀਰਾ- ਜ਼ੀਰਾ ਦੇ ਪਿੰਡ ਮਨਸੂਰਵਾਲ ਕਲਾਂ ’ਚ ਸਥਿਤ ਮਾਲਬਰੋਜ਼ ਸ਼ਰਾਬ ਫੈਕਟਰੀ ਮਾਮਲੇ ਵਿੱਚ ਸਾਂਝੇ ਮੋਰਚੇ ਅਤੇ ਕਿਸਾਨ ਜਥੇਬੰਦੀਆਂ ਦੀ ਮੰਗ ਅੱਗੇ ਝੁਕਦਿਆਂ ਪੰਜਾਬ ਸਰਕਾਰ ਨੇ 44 ਪ੍ਰਦਰਸ਼ਨਕਾਰੀਆਂ ਨੂੰ ਬਿਨਾਂ ਸ਼ਰਤ ਰਿਹਾਅ ਕਰਨ ਦੇ ਹੁਕਮ ਅੱਜ ਜਾਰੀ ਕਰ ਦਿੱਤੇ ਹਨ ਪਰ ਰਾਤ ਦੇ 11 ਵਜੇ ਤਕ ਕਿਸਾਨ ਜੇਲ੍ਹਾਂ ਵਿਚੋਂ ਬਾਹਰ ਨਹੀਂ ਆ ਸਕੇ। ਇਹ ਜਾਣਕਾਰੀ ਮਿਲੀ ਹੈ ਕਿ ਰਿਹਾਈ ਲਈ ਲੰਬੀ ਕਾਗਜ਼ੀ ਕਾਰਵਾਈ ਕਾਰਨ ਦੇਰੀ ਹੋਈ। ਉਧਰ, ਸੂਬਾ ਸਰਕਾਰ ਵੱਲੋਂ ਇਸ ਸ਼ਰਾਬ ਫ਼ੈਕਟਰੀ ਮਾਮਲੇ ਦੀ ਜਾਂਚ ਲਈ ਬਣਾਈਆਂ ਗਈਆਂ ਚਾਰ ਕਮੇਟੀਆਂ ਨੇ ਅੱਜ ਆਪਣੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਵੱਖ ਵੱਖ ਥਾਵਾਂ ਤੋਂ ਨਮੂਨੇ ਹਾਸਲ ਕੀਤੇ ਹਨ। ਹਾਲਾਂਕਿ ਇਨ੍ਹਾਂ ਜਾਂਚ ਟੀਮਾਂ ਵਿੱਚ ਸਾਂਝੇ ਮੋਰਚੇ ਦਾ ਕੋਈ ਮੈਂਬਰ ਸ਼ਾਮਲ ਨਹੀਂ ਹੋਇਆ। ਪ੍ਰਸ਼ਾਸਨ ਨੇ ਪਿੰਡ ਅੰਦਰ ਮੁਨਿਆਦੀ ਕਰਵਾ ਕੇ ਉਨ੍ਹਾਂ ਨੂੰ ਜਾਂਚ ਟੀਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਅਵਤਾਰ ਸਿੰਘ ਮਹਿਮਾ ਤੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਪ੍ਰਧਾਨ ਹਰਨੇਕ ਸਿੰਘ ਮਹਿਮਾ ਦੇਰ ਰਾਤ ਆਪਣੇ ਸਾਥੀਆਂ ਨਾਲ ਇਥੋਂ ਦੀ ਕੇਂਦਰੀ ਜੇਲ੍ਹ ਵਿਚੋਂ ਰਿਹਾਅ ਹੋਣ ਵਾਲੇ ਪ੍ਰਦਰਸ਼ਨਕਾਰੀਆਂ ਦੇ ਸਵਾਗਤ ਲਈ ਪੁੱਜੇ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਅਵਤਾਰ ਮਹਿਮਾ ਨੇ ਦੱਸਿਆ ਕਿ ਜਾਂਚ ਕਮੇਟੀਆਂ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਸਾਂਝੇ ਮੋਰਚੇ ਵੱਲੋਂ ਬਣਾਈ ਕਮੇਟੀ ਲਵੇਗੀ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸਾਂਝਾ ਮੋਰਚਾ ਦੇ ਆਗੂਆਂ ਨੇ ਕਿਹਾ ਸੀ ਕਿ ਜਦੋਂ ਤੱਕ ਪ੍ਰਸ਼ਾਸਨ ਵੱਲੋਂ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਦਰਜ ਕੀਤੇ ਕੇਸ ਰੱਦ ਕਰਕੇ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਜਾਂਚ ਟੀਮ ਨੂੰ ਸਹਿਯੋਗ ਨਹੀਂ ਕਰਨਗੇ। ਸਰਕਾਰੀ ਕਮੇਟੀਆਂ ਦੇ ਅਧਿਕਾਰੀਆਂ ਨੇ ਅੱਜ ਪਿੰਡ ਮਨਸੂਰਵਾਲ ਕਲਾਂ ਵਿੱਚ ਮਾਲਬਰੋਜ਼ ਸ਼ਰਾਬ ਫ਼ੈਕਟਰੀ ਤੇ ਉਸ ਦੇ ਆਲੇ-ਦੁਆਲੇ ਦੇ ਪਿੰਡਾਂ ’ਚੋਂ ਨਮੂਨੇ ਇਕੱਤਰ ਕੀਤੇ ਤੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਆਦਰਸ਼ਪਾਲ ਵਿੱਜ, ਸਕੱਤਰ ਕਰੁਨੇਸ਼ ਗਰਗ, ਐੱਸ.ਈ. ਹਰਬੀਰ ਸਿੰਘ ਤੇ ਪਰਮਜੀਤ ਸਿੰਘ ਨੇ ਫ਼ੈਕਟਰੀ ਦੇ ਅੰਦਰ ਸਥਿਤ ਬੋਰਵੈੱਲ ਅਤੇ ਪੀਜੋਮੀਟਰ ਦੇ ਪਾਣੀ ਦੇ ਨਮੂਨੇ ਭਰੇ। ਇਸ ਤੋਂ ਇਲਾਵਾ ਉਨ੍ਹਾਂ ਫ਼ੈਕਟਰੀ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ।

ਕੈਂਸਰ ਪੀੜਤਾਂ ਤੇ ਪਸ਼ੂਆਂ ਦੀ ਬਿਮਾਰੀ ਬਾਰੇ ਜਾਣਕਾਰੀ ਲਈ

ਸਿਹਤ ਵਿਭਾਗ ਦੀ ਟੀਮ ਦੇ ਮੈਂਬਰ ਡਾ. ਰਾਕੇਸ਼ ਕੱਕੜ, ਡਾ. ਪੀਵੀਐੱਮ ਲਕਸ਼ਮੀ, ਡਾ. ਰਵਿੰਦਰ ਖਾਈਵਾਲ ਅਤੇ ਡਾ. ਗਗਨਦੀਪ ਸਿੰਘ ਨੇ ਇਲਾਕੇ ਵਿੱਚੋਂ ਕੈਂਸਰ ਪੀੜਤ ਮਰੀਜ਼ਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਦੇ ਨਾਲ ਹੀ ਵੈਟਰਨਰੀ ਯੂਨੀਵਰਸਿਟੀ ਤੋਂ ਡਾ. ਐੱਸਐੱਸ ਰੰਧਾਵਾ ਤੇ ਡਾ. ਜਸਬੀਰ ਬੇਦੀ ਨੇ ਇਲਾਕੇ ਵਿੱਚ ਪਸ਼ੂਆਂ ਨੂੰ ਹੋ ਰਹੀਆਂ ਬਿਮਾਰੀਆਂ ਬਾਰੇ ਜਾਂਚ-ਪੜਤਾਲ ਕੀਤੀ। ਜ਼ੀਰਾ ਦੇ ਐੱਸਡੀਐੱਮ ਗਗਨਦੀਪ ਸਿੰਘ ਨੇ ਦੱਸਿਆ ਕਿ ਇਹ ਟੀਮਾਂ ਅਗਲੇ ਕੁਝ ਦਿਨਾਂ ਤੱਕ ਲਗਾਤਾਰ ਇਸ ਇਲਾਕੇ ਵਿਚੋਂ ਨਮੂਨੇ ਇਕੱਤਰ ਕਰ ਕੇ ਲੋਕਾਂ ਤੋਂ ਜਾਣਕਾਰੀ ਹਾਸਲ ਕਰਨਗੀਆਂ। ਉਨ੍ਹਾਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਵੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਾਣਕਾਰੀ ਇਕੱਠੀ ਕਰ ਕੇ ਰਿਪੋਰਟ ਸਰਕਾਰ ਨੂੰ ਭੇਜੀ ਜਾਵੇਗੀ।