ਸ਼ਰਾਬ ਫੈਕਟਰੀ: ਪ੍ਰਸ਼ਾਸਨ ਨੇ ਸਾਂਝੇ ਮੋਰਚੇ ਕੋਲੋਂ ਸਮਾਂ ਮੰਗਿਆ

ਸ਼ਰਾਬ ਫੈਕਟਰੀ: ਪ੍ਰਸ਼ਾਸਨ ਨੇ ਸਾਂਝੇ ਮੋਰਚੇ ਕੋਲੋਂ ਸਮਾਂ ਮੰਗਿਆ

ਫ਼ਿਰੋਜ਼ਪੁਰ – ਜ਼ੀਰਾ ਸ਼ਰਾਬ ਫ਼ੈਕਟਰੀ ਮਾਮਲੇ ਦਾ ਛੇਤੀ ਨਿਬੇੜਾ ਕਰਨਾ ਪੰਜਾਬ ਸਰਕਾਰ ਲਈ ਸੌਖਾ ਨਹੀਂ ਜਾਪਦਾ। ਪੰਜਾਬ ਸਰਕਾਰ ਤੇ ਪ੍ਰਸ਼ਾਸਨ ਨੇ ਅੱਜ ਸਪਸ਼ਟ ਕੀਤਾ ਹੈ ਕਿ ਉਹ ਮੋਰਚੇ ’ਤੇ ਡਟੇ ਆਗੂਆਂ ਦੀ ਸਹਿਮਤੀ ਨਾਲ ਹੀ ਅੱਗੇ ਵਧਣਾ ਚਾਹੁੰਦੇ ਹਨ। ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਸਪਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਕੋਈ ਅਜਿਹਾ ਕੰਮ ਨਾ ਕਰਨ ਜੋ ਧਰਨੇ ’ਤੇ ਬੈਠੇ ਲੋਕਾਂ ਨੂੰ ਮਨਜ਼ੂਰ ਨਾ ਹੋਵੇ। ਸਾਂਝਾ ਮੋਰਚਾ ਦੇ ਆਗੂਆਂ ਨੇ ਪੰਜਾਬ ਸਰਕਾਰ ਦੀਆਂ ਜਾਂਚ ਕਮੇਟੀਆਂ ਵੱਲੋਂ ਸ਼ੁਰੂ ਕੀਤੀ ਗਈ ਜਾਂਚ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਸਰਕਾਰੀ ਜਾਂਚ ਕਮੇਟੀਆਂ ਵਿਚ ਸਾਂਝਾ ਮੋਰਚਾ ਦੀਆਂ ਕਮੇਟੀਆਂ ਦੇ ਮੈਂਬਰ ਸ਼ਾਮਲ ਨਹੀਂ ਕੀਤੇ ਜਾਂਦੇ ਉਦੋਂ ਤੱਕ ਉਹ ਕਿਸੇ ਜਾਂਚ ਨੂੰ ਵੀ ਮੰਨਣ ਲਈ ਤਿਆਰ ਨਹੀਂ ਹਨ। ਇਸ ਸਬੰਧ ਵਿਚ 27 ਦਸੰਬਰ ਨੂੰ ਸਰਕਾਰੀ ਜਾਂਚ ਕਮੇਟੀਆਂ ਦੇ ਅਧਿਕਾਰੀਆਂ ਦੀ ਸਾਂਝਾ ਮੋਰਚਾ ਦੀਆਂ ਕਮੇਟੀਆਂ ਨਾਲ ਮੀਟਿੰਗ ਰੱਖੀ ਗਈ ਹੈ। ਸਾਂਝਾ ਮੋਰਚੇ ਦੇ ਆਗੂ ਫ਼ਤਹਿ ਸਿੰਘ ਨੇ ‘ਪੰਜਾਬੀ ਟ੍ਰਿਬਿਊਨ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਭਲਕੇ ਕੀਤਾ ਜਾਣ ਵਾਲਾ ਇਕੱਠ ਮੁਲਤਵੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਸਾਂਝਾ ਮੋਰਚਾ ਪਾਸੋਂ ਕੁਝ ਸਮਾਂ ਹੋਰ ਮੰਗਿਆ ਹੈ ਤੇ ਇਸ ਗੱਲ ਦਾ ਭਰੋਸਾ ਦਿੱਤਾ ਹੈ ਕਿ ਸ਼ਰਾਬ ਫ਼ੈਕਟਰੀ ਮਾਮਲੇ ਦੀ ਜਾਂਚ ਦਾ ਕੰਮ ਸਾਂਝਾ ਮੋਰਚਾ ਦੀਆਂ ਕਮੇਟੀਆਂ ਨਾਲ ਮਿਲ ਕੇ ਹੀ ਕੀਤਾ ਜਾਵੇਗਾ।

ਸ਼ਰਾਬ ਫੈਕਟਰੀ ਦੇ ਮੁਲਾਜ਼ਮਾਂ ਦੀਆਂ ਨੌਕਰੀਆਂ ’ਤੇ ਤਲਵਾਰ ਲਟਕੀ
ਸ਼ਰਾਬ ਫ਼ੈਕਟਰੀ ਪ੍ਰਬੰਧਕ ਚਾਹੁੰਦੇ ਹਨ ਕਿ ਜਾਂਚ ਮੁਕੰਮਲ ਹੋਣ ਤੱਕ ਫ਼ੈਕਟਰੀ ਨੂੰ ਚਾਲੂ ਕਰਨ ਦੇ ਹੁਕਮ ਦਿੱਤੇ ਜਾਣ ਅਤੇ ਧਰਨਾਕਾਰੀਆਂ ਨੂੰ ਤਿੰਨ ਸੌ ਮੀਟਰ ਪਿਛਾਂਹ ਕਰਕੇ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕੀਤੀ ਜਾਵੇ। ਦੱਸ ਦਈਏ ਕਿ ਫ਼ੈਕਟਰੀ ਪਿਛਲੇ ਪੰਜ ਮਹੀਨਿਆਂ ਤੋਂ ਬੰਦ ਪਈ ਹੈ। ਫ਼ੈਕਟਰੀ ਚਾਲੂ ਹੋਣ ’ਤੇ ਕੁਝ ਮਹੀਨਿਆਂ ਦਾ ਸਮਾਂ ਹੋਰ ਲੱਗ ਸਕਦਾ ਹੈ। ਫ਼ੈਕਟਰੀ ਅੰਦਰ ਕੰਮ ਕਰਦੇ ਕਰੀਬ ਢਾਈ ਸੌ ਮੁਲਾਜ਼ਮਾਂ ਨੂੰ ਹੁਣ ਆਪਣੀ ਨੌਕਰੀ ਜਾਣ ਦਾ ਡਰ ਸਤਾ ਰਿਹਾ ਹੈ। ਫ਼ੈਕਟਰੀ ਦੇ ਮੈਨੇਜਿੰਗ ਡਾਇਰੈਕਟਰ ਪਵਨ ਬਾਂਸਲ ਦਾ ਕਹਿਣਾ ਹੈ ਕਿ ਉਹ ਪਿਛਲੇ ਪੰਜ ਮਹੀਨਿਆਂ ਤੋਂ ਆਪਣੇ ਮੁਲਾਜ਼ਮਾਂ ਨੂੰ ਤਨਖ਼ਾਹਾਂ ਦੇ ਰਹੇ ਹਨ ਪਰ ਹੁਣ ਕੁਝ ਨਵੇਂ ਫ਼ੈਸਲੇ ਲੈਣ ’ਤੇ ਵਿਚਾਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਨੌਕਰੀ ਬਾਰੇ ਆਖ਼ਰੀ ਫ਼ੈਸਲਾ ਫ਼ੈਕਟਰੀ ਮਾਲਕਾਂ ਵੱਲੋਂ ਲਿਆ ਜਾਣਾ ਹੈ।

ਜ਼ੀਰਾ ਮੋਰਚੇ ’ਚ ਅੱਜ ਪੁੱਜਣਗੇ ਰਾਕੇਸ਼ ਟਿਕੈਤ
ਕਿਸਾਨ ਆਗੂ ਰਾਕੇਸ਼ ਟਿਕੈਤ ਮੰਗਲਵਾਰ ਨੂੰ ਜ਼ੀਰਾ ਮੋਰਚੇ ਵਿਚ ਸ਼ਾਮਲ ਹੋਣਗੇ। ਇਹ ਜਾਣਕਾਰੀ ਸਾਂਝਾ ਮੋਰਚਾ ਦੇ ਆਗੂਆਂ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਰਾਕੇਸ਼ ਟਿਕੈਤ ਭਲਕੇ ਸਾਢੇ ਬਾਰਾਂ ਵਜੇ ਪੁੱਜਣਗੇ ਤੇ ਮੋਰਚੇ ਦੇ ਆਗੂਆਂ ਨਾਲ ਮੀਟਿੰਗ ਕਰਕੇ ਸਥਿਤੀ ਦਾ ਜਾਇਜ਼ਾ ਲੈਣਗੇ। ਉਨ੍ਹਾਂ ਦੱਸਿਆ ਕਿ ਰਾਕੇਸ਼ ਟਿਕੈਤ ਦੇ ਆਉਣ ਨਾਲ ਸਾਂਝਾ ਮੋਰਚਾ ਦੇ ਆਗੂ ਕਾਫ਼ੀ ਉਤਸ਼ਾਹਿਤ ਨਜ਼ਰ ਆ ਰਹੇ ਹਨ ਤੇ ਉਨ੍ਹਾਂ ਦੀ ਸ਼ਮੂਲੀਅਤ ਨਾਲ ਮੋਰਚੇ ਨੂੰ ਹੋਰ ਬਲ ਮਿਲੇਗਾ।

ਇਕ ਹਜ਼ਾਰ ਵਾਹਨਾਂ ਦੇ ਕਾਫ਼ਲੇ ਨਾਲ ਜ਼ੀਰਾ ਪੁੱਜਣਗੇ ਕਿਸਾਨ
ਚੰਡੀਗੜ੍ਹ : ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆਂ ਦੇ ਆਗੂਆਂ ਬਲਬੀਰ ਸਿੰਘ ਰਾਜੇਵਾਲ, ਪ੍ਰੇਮ ਸਿੰਘ ਭੰਗੂ, ਕੰਵਲਪ੍ਰੀਤ ਸਿੰਘ ਪੰਨੂ, ਬੋਘ ਸਿੰਘ ਮਾਨਸਾ ਅਤੇ ਹਰਜਿੰਦਰ ਸਿੰਘ ਟਾਂਡਾ ਆਦਿ ਨੇ ਅੱਜ ਇੱਥੇ ਮੀਟਿੰਗ ਕਰਕੇ ਪੰਜਾਬ ਦੇ ਲੋਕਾਂ ਖਾਸ ਕਰਕੇ ਕਿਸਾਨਾਂ ਵਿੱਚ ਪਾਣੀ ਦੇ ਗੰਭੀਰ ਸੰਕਟ, ਵਾਤਾਵਰਨ ਦੇ ਪ੍ਰਦੂਸ਼ਣ ਅਤੇ ਪੰਜਾਬ ਦੇ ਸੰਘੀ ਨਿਜ਼ਾਮ ’ਤੇ ਹੋਏ ਹਮਲੇ ਦੇ ਮੁੱਦਿਆਂ ਨੂੰ ਲੈ ਕੇ ਸ਼ੁਰੂ ਕੀਤੇ ਜਾਣ ਵਾਲੇ ਮੋਰਚੇ ਦੀ ਤਿਆਰੀ ਦਾ ਜਾਇਜ਼ਾ ਲਿਆ। ਕਿਸਾਨ ਆਗੂ ਪ੍ਰੇਮ ਸਿੰਘ ਭੰਗੂ ਨੇ ਦੱਸਿਆ ਕਿ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਅਤੇ ਇਲਾਕੇ ਦੇ ਧਰਤੀ ਹੇਠਲੇ ਪਾਣੀ ਨੂੰ ਦੂਸ਼ਿਤ ਕਰਨ ਵਾਲੀ ਸ਼ਰਾਬ ਫੈਕਟਰੀ ਵਿਰੁੱਧ 40 ਪਿੰਡਾਂ ਦੇ ਲੋਕਾਂ ਵੱਲੋਂ ਸ਼ੁਰੂ ਕੀਤੇ ਗਏ ਜ਼ੀਰਾ ਮੋਰਚੇ ਨੂੰ ਧਿਆਨ ਵਿੱਚ ਰੱਖਦਿਆਂ 30 ਦਸੰਬਰ ਤੋਂ ਸ਼ੁਰੂ ਕੀਤੇ ਜਾਣ ਵਾਲੇ ਮੋਰਚੇ ਨੂੰ 17 ਜਨਵਰੀ ਤਕ ਮੁਲਤਵੀ ਕਰਨ ਦਾ ਫੈਸਲਾ ਲਿਆ ਹੈ। ਸ੍ਰੀ ਭੰਗੂ ਨੇ ਦੱਸਿਆ ਕਿ 30 ਦਸੰਬਰ ਨੂੰ ਪੰਜ ਕਿਸਾਨ ਜਥੇਬੰਦੀਆਂ ਦੇ ਵਰਕਰ 1000 ਗੱਡੀਆਂ ਦੇ ਕਾਫਲੇ ਨਾਲ ਮੋਰਚੇ ਦੇ ਸਮਰਥਨ ਵਿੱਚ ਜ਼ੀਰਾ ਜਾਣਗੇ।