ਸ਼ਹੀਦੀ ਸਭਾ ਦੇ ਦੂਜੇ ਦਿਨ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਸੰਗਤ ਨਤਮਸਤਕ

ਸ਼ਹੀਦੀ ਸਭਾ ਦੇ ਦੂਜੇ ਦਿਨ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਸੰਗਤ ਨਤਮਸਤਕ

ਮੁੱਖ ਮੰਤਰੀ ਸਣੇ ਕਈ ਸ਼ਖਸੀਅਤਾਂ ਨੇ ਮੱਥਾ ਟੇਕਿਆ; ਸਿਰਫ ਇਕ ਪਾਰਟੀ ਨੇ ਰਾਜਸੀ ਕਾਨਫਰੰਸ ਕੀਤੀ
ਫ਼ਤਹਿਗੜ੍ਹ ਸਾਹਿਬ-ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੇ ਅੱਜ ਦੂਸਰੇ ਦਿਨ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤ ਨਤਮਸਤਕ ਹੋਈ। ਗੁਰਦੁਆਰਾ ਸਾਹਿਬ ਦੇ ਮੁੱਖ ਦਰਬਾਰ ਵਿਚ ਅੰਮ੍ਰਿਤ ਵੇਲੇ ਆਸਾ ਦੀ ਵਾਰ ਦੇ ਕੀਰਤਨ ਉਪਰੰਤ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਸਾਹਿਬਜ਼ਾਦਿਆਂ ਦੇ ਇਤਿਹਾਸ ਦੀ ਲੜੀਵਾਰ ਕਥਾ ਕੀਤੀ। ਸਾਰਾ ਦਿਨ ਗੁਰਬਾਣੀ ਕੀਰਤਨ ਦਾ ਪ੍ਰਵਾਹ ਚੱਲਦਾ ਰਿਹਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੀਵਾਨ ਟੋਡਰ ਮੱਲ ਹਾਲ ਅਤੇ ਗੁਰਦੁਆਰਾ ਸਾਹਿਬ ਦੇ ਸਾਹਮਣੇ ਬਾਹਰ ਖੁੱਲ੍ਹੇ ਪੰਡਾਲ ਵਿਚ ਧਾਰਮਿਕ ਦੀਵਾਨ ਸਜਾਏ ਗਏ, ਜਿਨ੍ਹਾਂ ਵਿਚ ਪੰਥ ਪ੍ਰਸਿੱਧ ਕਥਾ ਵਾਚਕ, ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਗੁਰੂ ਗੋਬਿੰਦ ਸਿੰਘ, ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਦਾ ਜੀਵਨ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਇਆ। ਇਸ ਮੌਕੇ ਸ਼੍ਰੋਮਣੀ ਕਮੇਟੀ, ਪ੍ਰਸ਼ਾਸਨ, ਪਿੰਡਾਂ ਦੀਆਂ ਗੁਰਦੁਆਰਾ ਕਮੇਟੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੱਡੇ ਪੱਧਰ ’ਤੇ ਲੰਗਰ, ਮੈਡੀਕਲ, ਰਿਹਾਇਸ਼ ਅਤੇ ਧਾਰਮਿਕ ਸਾਹਿਤ ਪ੍ਰਦਰਸ਼ਨੀਆਂ ਦੇ ਪ੍ਰਬੰਧ ਕੀਤੇ ਗਏ। ਇਥੋਂ ਦੇ ਵੱਖ-ਵੱਖ ਸਮਾਗਮਾਂ ਵਿਚ ਅੱਜ ਜਿੱਥੇ ਸ਼੍ਰੋਮਣੀ ਕਮੇਟੀ ਦੇ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਸਾਬਕਾ ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ, ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਚੀਮਾ ਨੇ ਹਾਜ਼ਰੀ ਲਗਵਾਈ ਉੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ, ਬਾਗ਼ਬਾਨੀ ਤੇ ਫੂਡ ਪ੍ਰੋਸੈਸਿੰਗ ਮੰਤਰੀ ਫ਼ੌਜਾ ਸਿੰਘ ਸਰਾਰੀ, ਵਿਧਾਇਕ ਲਖਵੀਰ ਸਿੰਘ ਰਾਏ, ਗੁਰਿੰਦਰ ਸਿੰਘ ਗੈਰੀ ਬੜਿੰਗ ਅਤੇ ਰੁਪਿੰਦਰ ਸਿੰਘ ਹੈਪੀ ਨੇ ਵੀ ਮੱਥਾ ਟੇਕਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਗੁਰਚਰਨ ਸਿੰਘ ਕੁਹਾਲਾ, ਮੈਨੇਜਰ ਭਗਵੰਤ ਸਿੰਘ, ਇੰਚਾਰਜ ਗੁਰਨਾਮ ਸਿੰਘ, ਦਵਿੰਦਰ ਸਿੰਘ ਖੁਸ਼ੀਪੁਰ ਅਤੇ ਮੈਨੇਜਰ ਜਰਨੈਲ ਸਿੰਘ ਆਦਿ ਹਾਜ਼ਰ ਸਨ।

ਏਡੀਜੀਪੀ ਵੱਲੋਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਏਡੀਜੀਪੀ ਅਰਪਿਤ ਸ਼ੁਕਲਾ ਨੇ ਅੱਜ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਜ਼ਿਲ੍ਹਾ ਪੁਲੀਸ ਨੇ ਪਹਿਲੀ ਵਾਰ ਸ਼ਿਕਾਇਤ ਹੱਲ ਕੇਂਦਰ ਸਥਾਪਤ ਕੀਤੇ ਹਨ ਜਿੱਥੇ ਜੇਬ੍ਹ ਕੱਟਣ, ਚੋਰੀ ਜਾਂ ਗੁੰਮਸ਼ੁਦਾ ਬਾਰੇ ਸੂਚਨਾ ਦੇਣ ’ਤੇ ਪੁਲੀਸ ਵੱਲੋਂ ਤੁਰੰਤ ਕਾਰਵਾਈ ਕੀਤੀ ਜਾਵੇਗੀ। ਭਾਵੇਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਪਾਰਟੀਆਂ ਨੇ ਇਸ ਮੌਕੇ ਰਾਜਸੀ ਕਾਨਫ਼ਰੰਸਾਂ ਕਰਨ ਤੋਂ ਗੁਰੇਜ਼ ਕੀਤਾ ਪਰ ਅਕਾਲੀ ਦਲ ਅੰਮ੍ਰਿਤਸਰ ਨੇ ਕਾਨਫ਼ਰੰਸ ਕੀਤੀ।