ਗੁਰੂ ਸਾਹਿਬ ਦਾ ਪਟਨਾ ਵਿਖੇ ਪ੍ਰਕਾਸ਼ ਹੋਣਾ ਬਿਹਾਰ ਵਾਸੀਆਂ ਲਈ ਮਾਣ ਵਾਲੀ ਗੱਲ-ਨਿਤਿਸ਼ ਕੁਮਾਰ

ਗੁਰੂ ਸਾਹਿਬ ਦਾ ਪਟਨਾ ਵਿਖੇ ਪ੍ਰਕਾਸ਼ ਹੋਣਾ ਬਿਹਾਰ ਵਾਸੀਆਂ ਲਈ ਮਾਣ ਵਾਲੀ ਗੱਲ-ਨਿਤਿਸ਼ ਕੁਮਾਰ

• ਗੁਰਦੁਆਰਾ ਬਾਲ ਲੀਲ੍ਹਾ ਸਾਹਿਬ ਮੈਣੀ ਸੰਗਤ ਵਿਖੇ ਵੀ ਹੋਏ ਨਤਮਸਤਕ
• ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਦਸਵੇਂ ਪਾਤਿਸ਼ਾਹ ਦਾ ਪ੍ਰਕਾਸ਼ ਪੁਰਬ

ਅੰਮਿ੍ਤਸਰ-ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 356ਵਾਂ ਪ੍ਰਕਾਸ਼ ਪੁਰਬ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਅਥਾਹ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ | ਇਸ ਮੌਕੇ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ‘ਚ ਦੇਸ਼-ਵਿਦੇਸ਼ ਤੋਂ ਸੰਗਤਾਂ ਪੁੱਜੀਆਂ | ਤਖ਼ਤ ਸਾਹਿਬ ਵਿਖੇ ਸਵੇਰ ਤੋਂ ਲੈ ਕੇ ਦੇਰ ਰਾਤ ਤੱਕ ਗੁਰਮਤਿ ਦੀਵਾਨ ਸਜਾਏ ਗਏ, ਜਿਨ੍ਹਾਂ ਦੀ ਸਮਾਪਤੀ ਅੰਮਿ੍ਤ ਵੇੇਲੇ ਢਾਈ ਵਜੇ ਹੋਈ | ਇਸ ਮੌਕੇ ਸੰਗਤਾਂ ਨੇ ਬੋਲੇ ਸੋ ਨਿਹਾਲ ਦੇ ਜੈਕਾਰੇ ਬੁਲਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ | ਦੀਵਾਨ ਹਾਲ ਵਿਖੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਕਿਹਾ ਕਿ ਬਿਹਾਰ ਵਾਸੀਆਂ ਲਈ ਅਥਾਹ ਖੁਸ਼ੀ ਤੇ ਮਾਣ ਦੀ ਗੱਲ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪਟਨਾ ਵਿਖੇ ਪ੍ਰਕਾਸ਼ ਧਾਰਿਆ | ਉਨ੍ਹਾਂ ਕਿਹਾ ਕਿ ਬਿਹਾਰ ਦੀ ਪਾਵਨ ਧਰਤੀ 2017 ਤੋਂ ਹੀ ਗੁਰੂ ਸਾਹਿਬ ਦਾ ਪ੍ਰਕਾਸ਼ ਪੁਰਬ ਵੱਡੀ ਪੱਧਰ ‘ਤੇ ਮਨਾਉਂਦੀ ਆ ਰਹੀ ਹੈ ਪਰ ਕੋਰੋਨਾ ਕਾਲ ਦੌਰਾਨ ਕੁਝ ਸਮਾਂ ਇਹ ਵੱਡੇ ਪੱਧਰ ‘ਤੇ ਨਹੀਂ ਸੀ ਮਨਾਇਆ ਜਾ ਸਕਿਆ ਪਰ ਇਸ ਸਾਲ ਮੁੜ ਤੋਂ ਇਹ ਪੁਰਬ ਵੱਡੇ ਪੱਧਰ ‘ਤੇ ਮਨਾਉਂਦਿਆਂ ਖੁਸ਼ੀ ਮਹਿਸੂਸ ਹੋ ਰਹੀ ਹੈ | ਇਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ‘ਤੇ ਚਲਣ ਦੀ ਪ੍ਰੇਰਨਾ ਦਿੱਤੀ | ਤਖ਼ਤ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਮੁੱਖ ਮੰਤਰੀ ਬਿਹਾਰ ਨੂੰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਜਗਜੋਤ ਸਿੰਘ ਸੋਹੀ, ਜਨਰਲ ਸਕੱਤਰ ਇੰਦਰਜੀਤ ਸਿੰਘ ਅਤੇ ਹੋਰਨਾ ਪ੍ਰਬੰਧਕਾਂ ਵਲੋਂ ਸਿਰੋਪਾਓ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਿਹਾਰ ਦੇ ਮੰਤਰੀ ਵਿਜੈ ਕੁਮਾਰ ਚੌਧਰੀ, ਅਸ਼ੋਕ ਚੌਧਰੀ ਤੇ ਸੰਜੈ ਝਾਅ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਬਾਵਾ ਸਿੰਘ ਗੁਮਾਨਪੁਰਾ, ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਲਖਵਿੰਦਰ ਸਿੰਘ ਲੱਖਾ, ਹਰਬੰਸ ਸਿੰਘ ਖਨੂਜਾ, ਮਹਿੰਦਰ ਸਿੰਘ ਢਿੱਲੋਂ, ਰਾਜਾ ਸਿੰਘ, ਸੰਦੀਪ ਸਿੰਘ ਦਿੱਲੀ ਅਤੇ ਹੋਰ ਮੈਂਬਰ ਸਾਹਿਬਾਨ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ | ਤਖ਼ਤ ਸਾਹਿਬ, ਗੁਰਦੁਆਰਾ ਬਾਲ ਲੀਲ੍ਹਾ ਮੈਣੀ ਸੰਗਤ ਤੇ ਪਟਨਾ ਸਾਹਿਬ ਦੇ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ ਸੁੰਦਰ ਦੀਪਮਾਲਾ ਕੀਤੀ ਗਈ | ਇਸ ਤੋਂ ਪਹਿਲਾਂ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਬਲਦੇਵ ਸਿੰਘ ਤੇ ਹੋਰ ਸਿੰਘ ਸਾਹਿਬਾਨ ਵਲੋਂ ਸਨਮਾਨਿਤ ਕੀਤਾ ਗਿਆ |
ਮੁੱਖ ਮੰਤਰੀ ਨੇ ਸੰਤ ਭੂਰੀ ਵਾਲਿਆਂ ਦੀ ਕੀਤੀ ਪ੍ਰਸੰਸਾ
ਇਸੇ ਦੌਰਾਨ ਮੁੱਖ ਮੰਤਰੀ ਨਿਤਿਸ਼ ਕੁਮਾਰ ਗੁਰਦੁਆਰਾ ਬਾਲ ਲੀਲ੍ਹਾ ਸਾਹਿਬ ਮੈਣੀ ਸੰਗਤ ਵਿਖੇ ਵੀ ਉਚੇਚੇ ਤੌਰ ‘ਤੇ ਪੁੱਜੇ ਅਤੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੀ ਅਗਵਾਈ ‘ਚ ਕਾਰ ਸੇਵਾ ਸੰਪ੍ਰਦਾਇ ਭੂਰੀ ਵਾਲਿਆਂ ਵਲੋਂ ਸੰਗਤਾਂ ਲਈ ਰਿਹਾਇਸ਼ ਦੇ ਕੀਤੇ ਪ੍ਰਬੰਧਾਂ ਤੇ ਪਟਨਾ ਸਾਹਿਬ ਵਿਖੇ ਲਗਾਏ ਗੁਰੂ ਕੇ ਵਿਸ਼ਾਲ ਲੰਗਰਾਂ ਲਈ ਪ੍ਰਸੰਸਾ ਕੀਤੀ | ਇਸ ਮੌਕੇ ਸੰਤ ਭੂਰੀ ਵਾਲਿਆਂ ਵਲੋਂ ਮੁੱਖ ਮੰਤਰੀ ਨੂੰ ਸ੍ਰੀ ਸਾਹਿਬ, ਦੁਸ਼ਾਲਾ ਤੇ ਸਿਰਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਗੁਰਪੁਰਬ ਸਮੇਂ ਪਟਨਾ ਸਾਹਿਬ ਪੁੱਜਣ ਵਾਲੀਆਂ ਸਿੱਖ ਸੰਗਤਾਂ ਦੀ ਰਿਹਾਇਸ਼ ਲਈ ਟੈਂਟ ਸਿਟੀ ਵਾਲੀ ਜਗ੍ਹਾ ‘ਤੇ ਆਧੁਨਿਕ 7 ਮੰਜ਼ਿਲਾ ਇਮਾਰਤ ਮੁਕੰਮਲ ਹੋ ਗਈ ਅਤੇ ਇਸ ਵਿਚ ਰਿਹਾਇਸ਼ ਲਈ ਅਤੀ ਖੁੱਲ੍ਹੇ-ਡੁਲੇ ਹਾਲ ਕਮਰੇ, ਕੰਬਲ, ਅਧੁਨਿਕ ਇਸ਼ਨਾਨ ਘਰ ਤੇ ਯਾਤਰੂਆਂ ਦੇ ਸਾਮਾਨ ਦੀ ਸਾਂਭ-ਸੰਭਾਲ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਭਵਿੱਖ ਵਿਚ ਲੋੜ ਅਨੁਸਾਰ ਇਸ ਵਿਚ ਹੋਰ ਵੀ ਵਾਧਾ ਕੀਤਾ ਜਾਵੇਗਾ | ਇਸੇ ਦੌਰਾਨ ਵਿਧਾਨ ਸਭਾ ਪੰਜਾਬ ਦੇ ਸਪੀਕਰ ਕੁਲਤਾਰ ਸਿੰੰਘ ਸੰਧਵਾਂ ਅਤੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ, ਭਾਈ ਰਜਿੰਦਰ ਸਿੰਘ ਮਹਿਤਾ, ਬਾਵਾ ਸਿੰਘ ਗੁਮਾਨਪੁਰਾ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਰਾਮ ਸਿੰਘ ਭਿੰਡਰ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |