ਸ਼ਰਾਬ ਫੈਕਟਰੀ ਅੱਗੇ ਧਰਨਾ -ਪ੍ਰਦੂਸ਼ਣ ਖ਼ਿਲਾਫ਼ ਜੰਗ ਦਾ ਦਾਇਰਾ ਵਸੀਹ ਕਰਨ ਦਾ ਐਲਾਨ

ਸ਼ਰਾਬ ਫੈਕਟਰੀ ਅੱਗੇ ਧਰਨਾ -ਪ੍ਰਦੂਸ਼ਣ ਖ਼ਿਲਾਫ਼ ਜੰਗ ਦਾ ਦਾਇਰਾ ਵਸੀਹ ਕਰਨ ਦਾ ਐਲਾਨ

ਫਿਰੋਜ਼ਪੁਰ/ਜ਼ੀਰਾ- ਸਾਂਝੇ ਮੋਰਚੇ ਦੀ ਅਗਵਾਈ ਹੇਠ ਪਿੰਡ ਮਨਸੂਰਵਾਲ ਕਲਾਂ ਸਥਿਤ ਮਾਲਬਰੋਜ਼ ਸ਼ਰਾਬ ਫੈਕਟਰੀ ਪਿੰਡ ਅੱਗੇ ਚੱਲ ਰਹੇ ਪੱਕੇ ਮੋਰਚੇ ਦੌਰਾਨ ਅੱਜ ਹੋਏ ਵਿਸ਼ਾਲ ਇਕੱਠ ਦੌਰਾਨ ਅੱਜ ਸਭ ਤੋਂ ਪਹਿਲਾਂ ਮਰਹੂਮ ਰਾਜਬੀਰ ਸਿੰਘ ਨਮਿੱਤ ਪਾਠ ਦਾ ਭੋਗ ਪਾਇਆ ਗਿਆ ਤੇ ਪੰਜਾਬ ਭਰ ਤੋਂ ਆਏ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਮ੍ਰਿਤਕ ਰਾਜਬੀਰ ਗਿੱਲ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਉਸ ਦੇ ਪਰਿਵਾਰ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ। ਆਗੂਆਂ ਨੇ ਰਾਜਬੀਰ ਗਿੱਲ (37) ਦੀ ਮੌਤ ਲਈ ਇਸ ਸ਼ਰਾਬ ਫ਼ੈਕਟਰੀ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਜਦੋਂ ਤੋਂ ਇਹ ਫ਼ੈਕਟਰੀ ਲੱਗੀ ਹੈ, ਉਸ ਦੇ ਪ੍ਰਦੂਸ਼ਣ ਨਾਲ ਇਲਾਕੇ ਵਿੱਚ ਸੈਂਕੜੇ ਮੌਤਾਂ ਹੋ ਚੁੱਕੀਆਂ ਹਨ ਤੇ ਲੋਕ ਅੱਜ ਵੀ ਜਾਨਲੇਵਾ ਬੀਮਾਰੀਆਂ ਨਾਲ ਪੀੜਤ ਆਪਣੇ ਘਰਾਂ ਵਿੱਚ ਜ਼ਿੰਦਗੀ ਮੌਤ ਦੀ ਜੰਗ ਲੜ ਰਹੇ ਹਨ, ਪਰ ਸੂਬਾ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਜਾਂਚ ਦੇ ਨਾਂ ’ਤੇ ਫ਼ੈਕਟਰੀ ਦਾ ਪੱਖ ਪੂਰਨ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਸਰਕਾਰ ਦੇ ਇਹ ਮਨਸੂਬੇ ਕਦੀ ਵੀ ਕਾਮਯਾਬ ਨਹੀਂ ਹੋਣਗੇ। ਆਗੂਆਂ ਨੇ ਆਖਿਆ ਕਿ ਜਦੋਂ ਤੱਕ ਇਹ ਫ਼ੈਕਟਰੀ ਬੰਦ ਨਹੀਂ ਹੋ ਜਾਂਦੀ, ਉਦੋਂ ਤੱਕ ਇਹ ਧਰਨਾ ਇਸੇ ਤਰ੍ਹਾਂ ਨਾਲ ਚੱਲਦਾ ਰਹੇਗਾ।

ਆਗੂਆਂ ਨੇ ਕਿਹਾ ਕਿ ਮਾਲਬਰੋਜ਼ ਸ਼ਰਾਬ ਫ਼ੈਕਟਰੀ ਖ਼ਿਲਾਫ਼ ਲੜੀ ਜਾ ਰਹੀ ਇਹ ਜੰਗ, ਮਨੁੱਖ ਦੀ ਹੋਂਦ ਨੂੰ ਬਚਾਉਣ ਲਈ ਹੈ, ਜਿਸ ਨੂੰ ਜ਼ੀਰਾ ਤੱਕ ਹੀ ਸੀਮਤ ਨਹੀਂ ਰੱਖਿਆ ਜਾਣਾ ਚਾਹੀਦਾ। ਹਵਾ ਅਤੇ ਪਾਣੀ ਨੂੰ ਬਚਾਉਣ ਵਾਸਤੇ ਹੁਣ ਇਹ ਜੰਗ ਪੂਰੇ ਪੰਜਾਬ ਦੇ ਲੋਕਾਂ ਨੂੰ ਇੱਕਜੁਟ ਹੋ ਕੇ ਲੜਨੀ ਪਵੇਗੀ ਤਾਂ ਹੀ ਆਉਣ ਵਾਲੀਆਂ ਪੀੜ੍ਹੀਆਂ ਸੁਰੱਖਿਅਤ ਰਹਿ ਸਕਣਗੀਆਂ। ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਦੀ ਤਰਜ਼ ’ਤੇ ਪੰਜਾਬ ਸਰਕਾਰ ਵੀ ਹੁਣ ਕਾਰਪੋਰੇਟ ਘਰਾਣਿਆਂ ਦੀ ਪਿੱਠ ਥਾਪੜ ਰਹੀ ਹੈ ਤੇ ਅਜਿਹੀਆਂ ਜਾਨਲੇਵਾ ਫ਼ੈਕਟਰੀਆਂ ਨੂੰ ਬਚਾਉਣ ਲਈ ਹਰ ਹਥਕੰਡੇ ਅਪਣਾ ਰਹੀ ਹੈ, ਪਰ ਆਉਣ ਵਾਲੇ ਸਮੇਂ ਵਿਚ ਸਰਕਾਰਾਂ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ। ਇਸ ਮੌਕੇ ਬਲਕੌਰ ਸਿੰਘ, ਸੁਰਜੀਤ ਸਿੰਘ ਫੂਲ, ਅਮਿਤੋਜ ਮਾਨ, ਲੱਖਾ ਸਿਧਾਣਾ, ਮਾਸਟਰ ਮੇਘਰਾਜ ਰੱਲਾ ਹਾਜ਼ਰ ਸਨ। ਮੋਰਚੇ ਦੇ ਆਗੂ ਸਰਪੰਚ ਗੁਰਮੇਲ ਸਿੰਘ ਮਨਸੂਰਵਾਲ ਨੇ ਮੰਗ ਰੱਖੀ ਕਿ ਮਰਹੂਮ ਰਾਜਬੀਰ ਦੇ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ ਤੇ ਇੱਕ ਪਰਿਵਾਰਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ, ਸ਼ਰਾਬ ਫੈਕਟਰੀ ਦੇ ਮਾਲਕ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ ਤੇ ਧਰਨਾਕਾਰੀਆਂ ਖ਼ਿਲਾਫ਼ ਦਰਜ ਕੀਤੇ ਗਏ ਕੇਸ ਰੱਦ ਕੀਤੇ ਜਾਣ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ 15 ਜਨਵਰੀ ਤੱਕ ਸਰਕਾਰ ਵੱਲੋਂ ਇਨ੍ਹਾਂ ਮੰਗਾਂ ਪ੍ਰਤੀ ਕੋਈ ਸਾਕਾਰਾਤਮਕ ਕਦਮ ਨਾ ਚੁੱਕਿਆ ਗਿਆ ਤਾਂ ਪੂਰੇ ਪੰਜਾਬ ਵਿੱਚ ਵੱਡਾ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।

ਇਸ ਦੌਰਾਨ ਏਡੀਸੀ ਸਾਗਰ ਸੇਤੀਆ ਨੇ ਦੱਸਿਆ ਕਿ ਪ੍ਰਾਪਤ ਰਿਪੋਰਟ ਅਨੁਸਾਰ ਜਿਹੜੇ 19 ਪ੍ਰਦਰਸ਼ਨਕਾਰੀਆਂ ਦੇ ਅਸਲਾ ਲਾਇਸੈਂਸ ਮੁਅੱਤਲ ਕੀਤੇ ਗਏ ਸਨ, ਉਨ੍ਹਾਂ ਨੂੰ ਇਸ ਸ਼ਰਤ ’ਤੇ ਬਹਾਲ ਕੀਤਾ ਗਿਆ ਹੈ ਕਿ ਉਪਰੋਕਤ ਵਿਅਕਤੀ ਆਪਣੇ ਅਸਲੇ ਨੂੰ ਧਰਨੇ ਵਾਲੀ ਥਾਂ ’ਤੇ ਨਹੀ ਲੈ ਕੇ ਜਾਣਗੇ ਅਤੇ ਕਾਨੂੰਨਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨਗੇ।

ਮੋਰਚੇ ਦੇ ਨੁਮਾਇੰਦਿਆਂ ਦੀ ਮੌਜੂਦਗੀ ’ਚ ਹੋਵੇਗੀ ਫੈਕਟਰੀ ’ਚੋਂ ਲਏ ਸੈਂਪਲਾਂ ਦੀ ਜਾਂਚ
ਜ਼ੀਰਾ: ਮਾਲਬਰੋਜ਼ ਇੰਟਰਨੈਸ਼ਨਲ ਪ੍ਰਾਈਵੇਟ ਲਿਮਟਿਡ ਮਨਸੂਰਵਾਲ ਕਲਾਂ ਸਥਿਤ ਸ਼ਰਾਬ ਫੈਕਟਰੀ ਸਬੰਧੀ ਜਾਂਚ ਲਈ ਪਾਣੀ ਅਤੇ ਮਿੱਟੀ ਦੇ ਲਏ ਗਏ ਕੁੱਲ 13 ਸੈਂਪਲ 3 ਵੱਖ-ਵੱਖ ਲੈਬਾਰਟਰੀਆਂ-ਸ੍ਰੀ ਰਾਮ ਲੈਬਾਰਟਰੀ, ਸਾਈ (ਐੱਸਏਆਈ) ਲੈਬਾਰਟਰੀ ਪਟਿਆਲਾ ਤੇ ਸੀਐੱਸਆਈਆਰ-ਆਈਆਈ ਟੀਆਰ ਲਖਨਊ ਵਿੱਚ ਜਾਂਚ ਲਈ ਭੇਜਣ ਸਬੰਧੀ ਵੱਖ-ਵੱਖ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਡਿਊਟੀ ਲਾਈ ਗਈ ਹੈ। ਵਧੀਕ ਡਿਪਟੀ ਕਮਿਸ਼ਨਰ (ਜਾਂਚ) ਸਾਗਰ ਸੇਤੀਆ ਨੇ ਅੱਜ ਇਥੇ ਦੱਸਿਆ ਕਿ ਇਨ੍ਹਾਂ ਲੈਬਾਰਟਰੀਆਂ ਵਿੱਚ ਸੈਂਪਲਾਂ ਦੀ ਜਾਂਚ ਦੌਰਾਨ ਵੀਡੀਓਗ੍ਰਾਫ਼ੀ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਸਾਂਝੇ ਮੋਰਚੇ ਦੇ ਆਗੂਆਂ ਨੂੰ ਵੀ ਚਿੱਠੀ ਲਿਖ ਕੇ ਕਿਹਾ ਗਿਆ ਹੈ ਕਿ ਜਾਂਚ ਵੇਲੇ ਇਨ੍ਹਾਂ ਲੈਬਾਂ ਵਿੱਚ ਮੋਰਚੇ ਦੇ ਨੁਮਾਇੰਦਿਆਂ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ।