ਰਾਹੁਲ ਗਾਂਧੀ ਨੇ ਦਰਬਾਰ ਸਾਹਿਬ ’ਚ ਮੱਥਾ ਟੇਕਿਆ

ਰਾਹੁਲ ਗਾਂਧੀ ਨੇ ਦਰਬਾਰ ਸਾਹਿਬ ’ਚ ਮੱਥਾ ਟੇਕਿਆ

ਦਸਤਾਰ ਸਜਾ ਕੇ ਗੁਰੂਘਰ ਪੁੱਜੇ ਰਾਹੁਲ; ਪੁਲੀਸ ਨੇ ਕੀਤੇ ਹੋਏ ਸਨ ਸਖ਼ਤ ਸੁਰੱਖਿਆ ਪ੍ਰਬੰਧ
ਅੰਮ੍ਰਿਤਸਰ- ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦੇ ਪੰਜਾਬ ਵਿੱਚ ਦਾਖ਼ਲ ਹੋ ਗਈ। ਇਸ ਦੌਰਾਨ ਅੱਜ ਸਭ ਤੋਂ ਪਹਿਲਾਂ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ ਤੇ ਇਸ ਯਾਤਰਾ ਦੀ ਸਫ਼ਲਤਾ ਲਈ ਅਰਦਾਸ ਕੀਤੀ। ਰਾਹੁਲ ਗਾਂਧੀ ਦਸਤਾਰ ਸਜਾ ਕੇ ਸ੍ਰੀ ਦਰਬਾਰ ਸਾਹਿਬ ਪਹੁੰਚੇ ਤੇ ਸੁਰੱਖਿਆ ਪ੍ਰਬੰਧਾਂ ਹੇਠ ਪਰਿਕਰਮਾ ਕੀਤੀ ਤੇ ਪ੍ਰਕਾਸ਼ ਅਸਥਾਨ ਨੇੜੇ ਬੈਠ ਕੇ ਕੁਝ ਸਮਾਂ ਗੁਰਬਾਣੀ ਦਾ ਕੀਰਤਨ ਸੁਣਿਆ। ਰਾਹੁਲ ਗਾਂਧੀ ਨੇ ਕੜਾਹ ਪ੍ਰਸ਼ਾਦ ਵੀ ਚੜ੍ਹਾਇਆ ਤੇ ਸ੍ਰੀ ਅਕਾਲ ਤਖ਼ਤ ਦੇ ਸਨਮੁੱਖ ਖੜ੍ਹੇ ਹੋ ਕੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਮੀਡੀਆ ਨਾਲ ਕੋਈ ਵੀ ਗੱਲ ਕਰਨ ਤੋਂ ਗੁਰੇਜ਼ ਕੀਤਾ। ਮੱਥਾ ਟੇਕਣ ਮਗਰੋਂ ਕਾਂਗਰਸੀ ਆਗੂ ਭਗਵੰਤ ਪਾਲ ਸਿੰਘ ਸੱਚਰ ਨੇ ਪਲਾਜ਼ਾ ਵਿੱਚ ਰਾਹੁਲ ਗਾਂਧੀ ਨੂੰ ਸ੍ਰੀ ਸਾਹਿਬ ਤੇ ਸਿਰੋਪਾ ਦੇ ਕੇ ਸਨਮਾਨਿਤ ਕੀਤਾ। ਰਾਹੁਲ ਗਾਂਧੀ ਲਗਪਗ 40-45 ਮਿੰਟ ਗੁਰੂ ਘਰ ਵਿੱਚ ਰਹੇ। ਇਸ ਦੌਰਾਨ ਰਾਹੁਲ ਗਾਂਧੀ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਜ਼ਿਲ੍ਹਾ ਦਿਹਾਤੀ ਤੇ ਸ਼ਹਿਰੀ ਪ੍ਰਧਾਨ ਪ੍ਰਤਾਪ ਸਿੰਘ ਅਜਨਾਲਾ ਸਣੇ ਹੋਰ ਆਗੂ ਸ਼ਾਮਲ ਹਨ।

ਇਸ ਤੋਂ ਪਹਿਲਾਂ ਪੁਲੀਸ ਨੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਰਾਹੁਲ ਗਾਂਧੀ ਨੂੰ ਹਵਾਈ ਅੱਡੇ ਤੋਂ ਇੱਥੇ ਲਿਆਂਦਾ। ਜ਼ਿਕਰਯੋਗ ਹੈ ਕਿ ਕਾਂਗਰਸ ਦੇ ਕੌਮੀ ਪ੍ਰਧਾਨ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਨੂੰ ਪੱਤਰ ਭੇਜ ਕੇ ਇਸ ਯਾਤਰਾ ਦੇ ਪੰਜਾਬ ਵਿੱਚ ਦਾਖਲ ਹੋਣ ਸਮੇਂ ਸੁਰੱਖਿਆ ਦੇ ਕਰੜੇ ਪ੍ਰਬੰਧਾਂ ਦੀ ਮੰਗ ਕੀਤੀ ਗਈ ਸੀ। ਇਸ ਤੋਂ ਪਹਿਲਾਂ ਹਵਾਈ ਅੱਡੇ ’ਤੇ ਪਹੁੰਚਣ ਮੌਕੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਤੇ ਹੋਰਨਾਂ ਨੇ ਸ੍ਰੀ ਗਾਂਧੀ ਨੂੰ ‘ਜੀ ਆਇਆਂ’ ਕਿਹਾ। ਉਨ੍ਹਾਂ ਨੂੰ ਹਵਾਈ ਅੱਡੇ ਨੇੜਲੇ ਇਕ ਹੋਟਲ ਵਿੱਚ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੇ ਦਸਤਾਰ ਸਜਾਈ ਗਈ। ਮਿਲੇ ਵੇਰਵਿਆਂ ਮੁਤਾਬਕ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਰਾਹੁਲ ਗਾਂਧੀ ਦਾ ਇਹ ਪ੍ਰੋਗਰਾਮ ਅੱਜ ਦਾ ਨਹੀਂ ਸੀ, ਪਰ ਪ੍ਰੋਗਰਾਮ ਵਿੱਚ ਤਬਦੀਲੀ ਕੀਤੀ ਗਈ ਤੇ ਯਾਤਰਾ ਦੀ ਸ਼ੁਰੂਆਤ ਤੋਂ ਪਹਿਲਾਂ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ।