ਸਿਮਰਜੀਤ ਬੈਂਸ ਨੂੰ ਹਾਈ ਕੋਰਟ ਤੋਂ ਰਾਹਤ ਮਿਲੀ

ਸਿਮਰਜੀਤ ਬੈਂਸ ਨੂੰ ਹਾਈ ਕੋਰਟ ਤੋਂ ਰਾਹਤ ਮਿਲੀ

ਲੁਧਿਆਣਾ- ਪੰਜਾਬ ’ਚ ਲੋਕ ਇਨਸਾਫ਼ ਪਾਰਟੀ ਦੇ ਸੁਪਰੀਮੋ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਲੁਧਿਆਣਾ ’ਚ 8 ਫਰਵਰੀ 2022 ਨੂੰ ਦਰਜ ਝਗੜੇ ਦੇ ਕੇਸ ’ਚ ਉਨ੍ਹਾਂ ਨੂੰ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਹਾਲੇ ਜਬਰ-ਜਨਾਹ ਦੇ ਮਾਮਲੇ ਵਿੱਚ ਫ਼ੈਸਲਾ ਬਕਾਇਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਲੁਧਿਆਣਾ ਦੇ ਡਾਬਾ ਇਲਾਕੇ ’ਚ ਹੋਏ ਝਗੜੇ ਦੇ ਸਬੰਧ ’ਚ ਪੁਲੀਸ ਨੇ ਬੈਂਸ ਸਣੇ ਹੋਰ ਲੋਕਾਂ ’ਤੇ ਕੇਸ ਦਰਜ ਕੀਤਾ ਸੀ। ਹਾਲਾਂਕਿ ਬੈਂਸ ’ਤੇ ਇਸ ਤੋਂ ਇਲਾਵਾ ਜਬਰ-ਜਨਾਹ ਦਾ ਕੇਸ ਵੀ ਦਰਜ ਹੈ। ਪਿਛਲੇ ਸਾਲ ਫਰਵਰੀ ਵਿੱਚ ਵਿਧਾਨ ਸਭਾ ਚੋਣਾਂ ਮੌਕੇ ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਕੜਵਲ ਤੇ ਬੈਂਸ ਦੇ ਸਮਰਥਕਾਂ ਵਿੱਚ ਲੜਾਈ ਹੋ ਗਈ ਸੀ। ਇਸ ਮੌਕੇ ਗੋਲੀ ਵੀ ਚੱਲੀ ਸੀ। ਇਸ ਮਗਰੋਂ ਕੜਵਲ ਦੇ ਸਾਥੀ ਦੀ ਸ਼ਿਕਾਇਤ ’ਤੇ ਸਾਬਕਾ ਵਿਧਾਇਕ ਬੈਂਸ, ਉਨ੍ਹਾਂ ਦੇ ਭਰਾ ਸਣੇ ਹੋਰਨਾਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਸਣੇ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਕੋਈ ਗ੍ਰਿਫ਼ਤਾਰੀ ਨਹੀਂ ਸੀ ਹੋਈ। ਬੈਂਸ ’ਤੇ 44 ਸਾਲਾ ਔਰਤ ਨਾਲ ਜਬਰ-ਜਨਾਹ ਦੇ ਦੋਸ਼ ਹਨ। ਪਿਛਲੇ ਸਾਲ ਜੁਲਾਈ ਵਿੱਚ ਜਬਰ-ਜਨਾਹ ਦੇ ਮਾਮਲੇ ਵਿੱਚ ਉਨ੍ਹਾਂ ਨੇ ਆਤਮ ਸਮਰਪਣ ਕੀਤਾ ਸੀ। ਅਦਾਲਤ ਨੇ ਗ੍ਰਿਫ਼ਤਾਰੀ ਤੋਂ ਬਾਅਦ ਬੈਂਸ ਨੂੰ ਜੇਲ੍ਹ ਭੇਜ ਦਿੱਤਾ ਸੀ। ਇਸ ਦੌਰਾਨ ਜੇਲ੍ਹ ਵਿੱਚੋਂ ਪੁਲੀਸ ਨੇ ਚੋਣਾਂ ਵਿੱਚ ਲੜਾਈ ਦੇ ਕੇਸ ਵਿੱਚ ਗ੍ਰਿਫ਼ਤਾਰੀ ਪਾਈ ਸੀ। ਇਸੇ ਮਾਮਲੇ ਵਿੱਚ ਬੈਂਸ ਨੂੰ ਅੱਜ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅੱਜ ਜਬਰ-ਜਨਾਹ ਦੇ ਮਾਮਲੇ ਵਿੱਚ ਵੀ ਸੁਣਵਾਈ ਸੀ ਪਰ ਇਸ ਮਾਮਲੇ ਵਿੱਚ ਅਦਾਲਤ ਨੇ ਕੋਈ ਫ਼ੈਸਲਾ ਨਹੀਂ ਸੁਣਾਇਆ ਹੈ।