ਭਾਜਪਾ 9 ਸੂਬਿਆਂ ਦੀਆਂ ਚੋਣਾਂ ’ਚ ਜਿੱਤ ਯਕੀਨੀ ਬਣਾਏਗੀ: ਨੱਢਾ

ਭਾਜਪਾ 9 ਸੂਬਿਆਂ ਦੀਆਂ ਚੋਣਾਂ ’ਚ ਜਿੱਤ ਯਕੀਨੀ ਬਣਾਏਗੀ: ਨੱਢਾ

ਪਾਰਟੀ ਦੀ ਕੌਮੀ ਕਾਰਜਕਾਰਨੀ ਦੀ ਦੋ ਰੋਜ਼ਾ ਮੀਟਿੰਗ ਸ਼ੁਰੂ
ਨਵੀਂ ਦਿੱਲੀ- ਭਾਜਪਾ ਪ੍ਰਧਾਨ ਜੇ ਪੀ ਨੱਢਾ ਨੇ ਇਸ ਸਾਲ 9 ਸੂਬਿਆਂ ਦੀਆਂ ਵਿਧਾਨ ਸਭਾਵਾਂ ਚੋਣਾਂ ਅਤੇ 2024 ’ਚ ਹੋਣ ਵਾਲੀ ਲੋਕ ਸਭਾ ਚੋਣ ਦੀ ਅਹਿਮੀਅਤ ’ਤੇ ਜ਼ੋਰ ਦਿੰਦਿਆਂ ਪਾਰਟੀ ਦੀ ਕੌਮੀ ਕਾਰਜਕਾਰਨੀ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਉਹ ਕਿਸੇ ਵੀ ਸੂਬੇ ’ਚ ਚੋਣ ਨਾ ਹਾਰੇ। ਨੱਢਾ ਵੱਲੋਂ ਦਿੱਤੇ ਗਏ ਭਾਸ਼ਨ ਦੀ ਜਾਣਕਾਰੀ ਦਿੰਦਿਆਂ ਸਾਬਕਾ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਪਾਰਟੀ ਪ੍ਰਧਾਨ ਨੇ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਮੌਜੂਦਾ ਵਰ੍ਹੇ ਨੂੰ ਅਹਿਮ ਕਰਾਰ ਦਿੱਤਾ ਹੈ। ਕੌਮੀ ਕਾਰਜਕਾਰਨੀ ਦੀ ਦੋ ਰੋਜ਼ਾ ਮੀਟਿੰਗ ਦੌਰਾਨ ਹੁਕਮਰਾਨ ਪਾਰਟੀ ਵੱਲੋਂ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਕੇ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਭਾਜਪਾ ਲਗਾਤਾਰ ਤੀਜੀ ਵਾਰ ਕੇਂਦਰ ਦੀ ਸੱਤਾ ’ਚ ਆਵੇ। ਸ੍ਰੀ ਨੱਢਾ ਨੇ ਬੰਦ ਦਰਵਾਜ਼ਾ ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਮੁਲਕ ਦੀ ਪ੍ਰਗਤੀ ਲਈ ਉਠਾਏ ਗਏ ਕਦਮਾਂ ਦੀ ਸ਼ਲਾਘਾ ਕੀਤੀ। ਭਾਜਪਾ ਪ੍ਰਧਾਨ ਨੇ ਕਿਹਾ,‘‘ਮੁਲਕ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਅਰਥਚਾਰਾ ਬਣ ਗਿਆ ਹੈ। ਮੋਬਾਈਲ ਫੋਨਾਂ ਦਾ ਦੂਜਾ ਸਭ ਤੋਂ ਵੱਡਾ ਮੈਨੂਫੈਕਚਰਰ ਹੈ। ਆਟੋ ਸੈਕਟਰ ’ਚ ਤੀਜਾ ਸਭ ਤੋਂ ਵੱਡਾ ਮੈਨੂਫੈਕਚਰਰ ਬਣਨ ਦੇ ਨਾਲ ਰੋਜ਼ਾਨਾ ਹਾਈਵੇਅ ਬਣਾਏ ਜਾ ਰਹੇ ਹਨ।’’ ਉਨ੍ਹਾਂ ਕਿਹਾ ਕਿ ਮੁਫ਼ਤ ਅਨਾਜ ਸਮੇਤ ਗਰੀਬਾਂ ਨੂੰ ਮਜ਼ਬੂਤ ਬਣਾਉਣ ਲਈ ਕਈ ਭਲਾਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਸ੍ਰੀ ਨੱਢਾ ਨੇ ਗੁਜਰਾਤ ਵਿਧਾਨ ਸਭਾ ਚੋਣਾਂ ’ਚ ਪਾਰਟੀ ਦੀ ਜਿੱਤ ਨੂੰ ਬੇਮਿਸਾਲ ਅਤੇ ਇਤਿਹਾਸਕ ਕਰਾਰ ਦਿੰਦਿਆਂ ਕਿਹਾ ਕਿ 182 ’ਚੋਂ 150 ਤੋਂ ਜ਼ਿਆਦਾ ਸੀਟਾਂ ਜਿੱਤਣਾ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਹਿਮਾਚਲ ਪ੍ਰਦੇਸ਼ ’ਚ ਭਾਵੇਂ ਚੋਣਾਂ ਹਾਰ ਗਈ ਹੈ ਪਰ ਉਥੇ ਕਾਂਗਰਸ ਅਤੇ ਭਾਜਪਾ ਵਿਚਕਾਰ ਵੋਟਾਂ ਦਾ ਫਰਕ ਇਕ ਫ਼ੀਸਦ ਤੋਂ ਵੀ ਘਟ ਰਿਹਾ।