ਪੰਜਾਬ ਨੂੰ ਸਨਅਤੀ ਕੇਂਦਰ ਵਜੋਂ ਵਿਕਸਤ ਕਰਾਂਗੇ: ਭਗਵੰਤ ਮਾਨ

ਪੰਜਾਬ ਨੂੰ ਸਨਅਤੀ ਕੇਂਦਰ ਵਜੋਂ ਵਿਕਸਤ ਕਰਾਂਗੇ: ਭਗਵੰਤ ਮਾਨ

ਮੁੱਖ ਮੰਤਰੀ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਵਚਨਬੱਧਤਾ ਦੁਹਰਾਈ
ਪਟਿਆਲਾ-ਪੰਜਾਬ ਦੇ ਉਦਯੋਗਿਕ ਪੱਖ ਤੋਂ ਪਛੜਨ ਲਈ ਪਿਛਲੀਆਂ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਨੂੰ ਜ਼ਿੰਮੇਵਾਰ ਦੱਸਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਆਖਿਆ ਕਿ ‘ਆਪ’ ਸਰਕਾਰ ਪੰਜਾਬ ਨੂੰ ਇੰਡਸਟਰੀ ਹੱਬ ਵਜੋਂ ਵਿਕਸਤ ਕਰੇਗੀ ਤਾਂ ਕਿ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕੇ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਲਗਾਤਾਰ ਦੇਸ਼-ਵਿਦੇਸ਼ ਦੀਆਂ ਕੰਪਨੀਆਂ ਨਾਲ ਰਾਬਤਾ ਸਾਧ ਰਹੇ ਹਨ। ਜਾਣਕਾਰੀ ਅਨੁਸਾਰ 22 ਅਤੇ 23 ਫਰਵਰੀ ਨੂੰ ‘ਇਨਵੈਸਟ ਇਨ ਪੰਜਾਬ’ ਦੇ ਬੈਨਰ ਹੇਠਾਂ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ।

ਅੱਜ ਪਟਿਆਲਾ ਫੇਰੀ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ ਜਿੱਥੇ ਹਜ਼ਾਰਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆਂ ਕਰਵਾਈਆਂ ਗਈਆਂ ਹਨ, ਉੱਥੇ ਹੀ ਸਰਕਾਰ ਆਪਣੇ ਵਾਅਦੇ ਮੁਤਾਬਿਕ ਕੱਚੇ ਮੁਲਾਜ਼ਮਾਂ ਨੂੰ ਵੀ ਪੱਕੇ ਕਰੇਗੀ। ਉਨ੍ਹਾਂ ਕਿਹਾ ਕਿ ਸਰਕਾਰ ਕਾਨੂੰਨੀ ਅੜਚਣਾਂ ਦੂਰ ਕਰ ਰਹੀ ਹੈ, ਤਾਂ ਜੋ ਸੇਵਾਵਾਂ ਰੈਗੂਲਰ ਹੋਣ ਮਗਰੋਂ ਮੁਲਾਜ਼ਮਾਂ ਨੂੰ ਕਾਨੂੰਨੀ ਪੱਖ ਤੋਂ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਧਰਨੇ ਪ੍ਰਦਰਸ਼ਨ ਕਰਨ ਵਾਲੇ ਮੁਲਾਜ਼ਮਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਪ੍ਰਦਰਸ਼ਨਾਂ ਨੂੰ ਠੱਲ੍ਹ ਕੇ ਉਹ ਆਪਣੀ ਵਾਰੀ ਦੀ ਉਡੀਕ ਕਰਨ ਕਿਉਂਕਿ ਇੱਕ-ਇੱਕ ਕਰਕੇ ਹਰੇਕ ਯੋਗ ਮੁਲਾਜ਼ਮ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣਗੀਆਂ। ਇਸ ਤੋਂ ਪਹਿਲਾਂ ਇੱਥੇ ਸਰਕਟ ਹਾਊਸ ਵਿੱਚ ਲੋਕ ਮਿਲਣੀ ਦੇ ਬੈਨਰ ਹੇਠ ਮੁੱਖ ਮੰਤਰੀ ਨੇ ਵੱਖ ਵੱਖ ਵਰਗਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ ਅਤੇ ਕੌਂਸਲਰ ਕ੍ਰਿਸ਼ਨ ਚੰਦ ਬੁੱਧੂ ਨੇ ਨਗਰ ਨਿਗਮ ਦੇ ਜਾਰੀ ਕਾਰਜਕਾਲ ਦੌਰਾਨ ਹੋਏ ਕੰਮਾਂ ਦੀ ਜਾਂਚ ਸਮੇਤ ਨਿਗਮ ਨਾਲ ਸਬੰਧਤ ਕੁਝ ਵਿਸ਼ੇਸ਼ ਸ਼ਖ਼ਸੀਅਤਾਂ ਦੀ ਜਾਇਦਾਦ ਦੀ ਜਾਂਚ ਵੀ ਮੰਗੀ, ਜਿਸ ’ਤੇ ਦੌਰਾਨ ਮੁੱਖ ਮੰਤਰੀ ਨੇ ਜਾਂਚ ਕਰਵਾਉਣ ਦਾ ਭਰੋਸਾ ਦਿੱਤਾ। ਨਵਜੋਤ ਸਿੱਧੂ ਦੀ ਰਿਹਾਈ ਬਾਰੇ ਪੁੱਛਣ ’ਤੇ ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਦੇ ਸਕਦੇ।

ਭਾਸ਼ਾ ਵਿਭਾਗ ਦੇ ਸ਼੍ਰੋਮਣੀ ਐਵਾਰਡ ਜਲਦੀ ਸ਼ੁਰੂ ਕਰਨ ਦਾ ਭਰੋਸਾ ਦਿੱਤਾ
ਪਟਿਆਲਾ (ਗੁਰਨਾਮ ਸਿੰਘ ਅਕੀਦਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਸ਼ਾ ਵਿਭਾਗ ਪੰਜਾਬ ਵੱਲੋਂ ਦਿੱਤੇ ਜਾਂਦੇ ਸ਼੍ਰੋਮਣੀ ਪੁਰਸਕਾਰ ਬਹੁਤ ਜਲਦੀ ਸ਼ੁਰੂ ਕਰ ਦਿੱਤੇ ਜਾਣਗੇ ਕਿਉਂਕਿ ਸਰਕਾਰ ਨੇ ਕਾਨੂੰਨੀ ਅੜਚਣਾਂ ਦੂਰ ਕਰਨ ਲਈ ਕੰਮ ਸ਼ੁਰੂ ਕਰ ਦਿੱਤਾ ਹੈ। ਇੱਥੇ ਇੱਕ ਸਰਕਾਰੀ ਸਮਾਗਮ ਵਿੱਚ ਸ਼ਿਰਕਤ ਕਰਨ ਮਗਰੋਂ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਭਾਸ਼ਾ ਵਿਭਾਗ ਪੰਜਾਬ ਵੱਲੋਂ ਦਿੱਤੇ ਜਾਣ ਵਾਲੇ ਸ਼੍ਰੋਮਣੀ ਪੁਰਸਕਾਰਾਂ ਬਾਰੇ ਜਾਂਚ ਕਾਫ਼ੀ ਖੋਜ ਕੀਤੀ ਹੈ, ਜਿਸ ਵਿੱਚ ਮਾਮੂਲੀ ਕਾਨੂੰਨੀ ਅੜਚਣਾਂ ਹਨ ਅਤੇ ਉਹ ਕਮੇਟੀ ਬਣਾ ਕੇ ਪਟੀਸ਼ਨਕਰਤਾ ਵੱਲੋਂ ਕੀਤੇ ਇਤਰਾਜ਼ਾਂ ਨੂੰ ਦੂਰ ਕਰਨਗੇ। ਉਨ੍ਹਾਂ ਕਿਹਾ ਪੰਜਾਬ ਦੇ ਵਿਰਾਸਤੀ ਸ਼ਹਿਰਾਂ ਨੂੰ ਸੈਰ-ਸਪਾਟਾ ਹੱਬ ਵਜੋਂ ਵਿਕਸਤ ਕਰਨ ਲਈ ਵਿਸ਼ੇਸ਼ ਪੈਕੇਜ ਰੱਖੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਵਿਰਾਸਤੀ ਰਾਜਿੰਦਰਾ ਝੀਲ ਦੇ ਨਵੀਨੀਕਰਨ ਸਬੰਧੀ ਹੋਏ ਘਪਲੇ ਦੀ ਜਾਂਚ ਵੀ ਕਰਵਾਈ ਜਾ ਰਹੀ ਹੈ।