ਮੁੱਖ ਮੰਤਰੀ ਭਗਵੰਤ ਮਾਨ ਨੇ ਫਾਜ਼ਿਲਕਾ ਜ਼ਿਲ੍ਹੇ ’ਚ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਚੈੱਕ ਸੌਂਪੇ

ਮੁੱਖ ਮੰਤਰੀ ਭਗਵੰਤ ਮਾਨ ਨੇ ਫਾਜ਼ਿਲਕਾ ਜ਼ਿਲ੍ਹੇ ’ਚ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਚੈੱਕ ਸੌਂਪੇ

ਫਾਜ਼ਿਲਕਾ/ਅਬੋਹਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸਾਧਾਰਨ ਪਰਿਵਾਰ ਦੇ ਪੁੱਤ ਨੂੰ ਮੁੱਖ ਮੰਤਰੀ ਵਜੋਂ ਸੂਬੇ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਪਰ ਰਵਾਇਤੀ ਸਿਆਸੀ ਪਾਰਟੀਆਂ ਤੋੌਂ ਇਹ ਬਰਦਾਸ਼ਤ ਨਹੀਂ ਹੋ ਰਿਹਾ। ਉਨ੍ਹਾਂ ਅੱਜ ਇੱਥੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਵੰਡਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਰਵਾਇਤੀ ਸਿਆਸੀ ਪਾਰਟੀਆਂ ਦੇ ਪੰਜਾਬ ਤੇ ਲੋਕ ਵਿਰੋਧੀ ਪੈਂਤੜੇ ਕਾਰਨ ਪੰਜਾਬ ਦੇ ਲੋਕ ਹੁਣ ਇਨ੍ਹਾਂ ਪਾਰਟੀਆਂ ’ਤੇ ਭਰੋਸਾ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਲੋਕਾਂ ਨੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਇਨ੍ਹਾਂ ਪਾਰਟੀਆਂ ਨੂੰ ਕਰਾਰੀ ਹਾਰ ਦਿੱਤੀ ਜਿਸ ਕਰ ਕੇ ਇਹ ਬੁਖਲਾਹਟ ਵਿਚ ਹਨ। ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟਾਇਆ ਕਿ ਜ਼ਿਲ੍ਹਾ ਫਾਜ਼ਿਲਕਾ ਵਿੱਚ 2020 ਵਿੱਚ ਆਏ ਹੜ੍ਹਾਂ ਕਾਰਨ ਵੱਡੇ ਪੱਧਰ ਉੱਤੇ ਨੁਕਸਾਨ ਹੋਇਆ ਸੀ ਪਰ ਸਮੇਂ ਦੀ ਸਰਕਾਰ ਨੇ ਫੋਕੀ ਬਿਆਨਬਾਜ਼ੀ ਤੋਂ ਇਲਾਵਾ ਲੋਕਾਂ ਨੂੰ ਰਾਹਤ ਦੇਣ ਲਈ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਹੁਣ ਫਾਜ਼ਿਲਕਾ ਜ਼ਿਲ੍ਹੇ ਵਿੱਚ ਹੜ੍ਹ ਪੀੜਤਾਂ ਨੂੰ 32 ਕਰੋੜ ਰੁਪਏ ਦਾ ਮੁਆਵਜ਼ਾ ਵੰਡਿਆ ਗਿਆ ਹੈ। ਇਸ ਵਿੱਚੋਂ 25 ਕਰੋੜ ਰੁਪਏ ਦੀ ਰਕਮ ਬੱਲੂਆਣਾ ਵਿਧਾਨ ਸਭਾ ਹਲਕੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵੰਡੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਦੇ ਆਗੂਆਂ ਨੇ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਸੂਬੇ ਦੇ ਵਸੀਲਿਆਂ ਦੀ ਅੰਨ੍ਹੇਵਾਹ ਲੁੱਟ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇ ਸੂਬੇ ਤੇ ਲੋਕਾਂ ਦੀ ਪ੍ਰਵਾਹ ਕੀਤੇ ਬਿਨਾਂ ਆਪਣੇ ਮਹਿਲ-ਮੁਨਾਰੇ ਤੇ ਕਾਰੋਬਾਰੀ ਸਾਮਰਾਜ ਖੜ੍ਹਾ ਕੀਤਾ। ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਉੱਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਸ੍ਰੀ ਬਾਦਲ ਲੰਬਾ ਸਮਾਂ ਸੂਬੇ ਦੇ ਵਿੱਤ ਮੰਤਰੀ ਰਹੇ ਪਰ ਉਹ ਦਾਅਵਾ ਹਮੇਸ਼ਾ ਸੂਬੇ ਦਾ ਖਜ਼ਾਨਾ ਖਾਲੀ ਹੋਣ ਦਾ ਕਰਦੇ ਰਹੇ। ਉਨ੍ਹਾਂ ਕਿਹਾ ਕਿ ਸੂਬੇ ਦੀ ਭਲਾਈ ਲਈ ਵਿੱਤ ਮੰਤਰੀ ਵਜੋਂ ਆਪਣੀ ਜ਼ਿੰਮੇਵਾਰੀ ਨਿਭਾਉਣ ਤੋਂ ਨਾਕਾਮ ਰਹਿਣ ਤੋਂ ਬਾਅਦ ਹੁਣ ਉਹ ਭਾਜਪਾ ਦੇ ਬੇੜੇ ਵਿੱਚ ਸਵਾਰ ਹੋ ਗਏ ਹਨ। ਸ੍ਰੀ ਮਾਨ ਨੇ ਕਿਹਾ ਕਿ ਸਾਬਕਾ ਵਿੱਤ ਮੰਤਰੀ ਦਾ ਧਿਆਨ ਲੋਕਾਂ ਦੀ ਭਲਾਈ ਦੀ ਥਾਂ ਉਰਦੂ ਦੀ ਸ਼ੇਅਰੋ-ਸ਼ਾਇਰੀ ਤੱਕ ਹੀ ਰਿਹਾ ਸੀ।

ਮੁੱਖ ਮੰਤਰੀ ਦਾ 26 ਨੂੰ ਘਿਰਾਓ ਕਰਨਗੇ ਮੋਟੀਵੇਟਰ

ਚੰਡੀਗੜ੍ਹ – ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੋਟੀਵੇਟਰ ਵਰਕਰਾਂ ਵੱਲੋਂ 26 ਜਨਵਰੀ ਨੂੰ ਬਠਿੰਡਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਘਿਰਾਓ ਕੀਤਾ ਜਾਵੇਗਾ। ਵਿਭਾਗ ਦੀ ਮੋਟੀਵੇਟਰ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਰਵਿੰਦਰ ਕੁਮਾਰ ਸੰਗਰੂਰ ਨੇ ਦੱਸਿਆ ਕਿ ਕਈ ਵਰ੍ਹਿਆਂ ਤੋਂ ਮਹੀਨਾਵਾਰ ਤਨਖਾਹ ਅਤੇ ਮਾਣ ਭੱਤੇ ਤੋਂ ਬਿਨਾਂ ਵਿਭਾਗ ਵਿੱਚ ਕੰਮ ਕਰ ਰਹੇ ਮੋਟੀਵੇਟਰ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ, ਪਰ ਹੁਣ ਤੱਕ ਕਿਸੇ ਸਰਕਾਰ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ। ਯੂਨੀਅਨ ਆਗੂ ਨੇ ਦੱਸਿਆ ਕਿ ਆਪਣੀਆਂ ਮੰਗਾਂ ਲਈ ਵਰਕਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਵੀ ਮਿਲ ਚੁੱਕੇ ਹਨ, ਪਰ ਕਿਤੋਂ ਵੀ ਤਸੱਲੀਬਖ਼ਸ਼ ਜਵਾਬ ਨਹੀਂ ਮਿਲਿਆ। ਉਨ੍ਹਾਂ ਮੰਗ ਕੀਤੀ ਕਿ ਸੂਬੇ ਵਿੱਚ ਕੰਮ ਕਰਦੇ 417 ਮੋਟੀਵੇਟਰਾਂ ਨੂੰ ਵਿਭਾਗ ਵਿੱਚ ਮਿਲਾ ਕੇ ਪੱਕੀ ਤਨਖਾਹ ਸ਼ੁਰੂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਫੌਰੀ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਬਠਿੰਡਾ ਵਿੱਚ 26 ਜਨਵਰੀ ਨੂੰ ਮੁੱਖ ਮੰਤਰੀ ਦਾ ਘਿਰਾਓ ਕਰਨਗੇ ਤੇ ਇਸ ਸੰਘਰਸ਼ ਦੌਰਾਨ ਜੇਕਰ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਉਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਦੀ ਹੋਵੇਗੀ।