‘ਸਕੂਲ ਆਫ਼ ਐਮੀਨੈਂਸ’ ਦੀ ਸ਼ੁਰੂਆਤ- ਇੱਕੋ ਬੈਂਚ ’ਤੇ ਬੈਠ ਕੇ ਪੜ੍ਹਨਗੇ ਮਜ਼ਦੂਰਾਂ, ਅਫ਼ਸਰਾਂ ਤੇ ਮੰਤਰੀਆਂ ਦੇ ਬੱਚੇ

‘ਸਕੂਲ ਆਫ਼ ਐਮੀਨੈਂਸ’ ਦੀ ਸ਼ੁਰੂਆਤ- ਇੱਕੋ ਬੈਂਚ ’ਤੇ ਬੈਠ ਕੇ ਪੜ੍ਹਨਗੇ ਮਜ਼ਦੂਰਾਂ, ਅਫ਼ਸਰਾਂ ਤੇ ਮੰਤਰੀਆਂ ਦੇ ਬੱਚੇ

ਪ੍ਰਾਜੈਕਟ ਹੋਣਹਾਰ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਚਾਨਣ ਮੁਨਾਰਾ ਕਰਾਰ
ਐੱਸਏਐੱਸ ਨਗਰ (ਮੁਹਾਲੀ) – ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਐਮੀਨੈਂਸ ਸਕੂਲ ਪ੍ਰਾਜੈਕਟ ਦਾ ਆਗਾਜ਼ ਅੱਜ ਮੁਹਾਲੀ ਵਿੱਚ ਕੀਤਾ ਗਿਆ। ਇਸ ਸਬੰਧੀ ਇੱਥੋਂ ਦੇ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈਐੱਸਬੀ) ਵਿੱਚ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੱਖ ਮਹਿਮਾਨ ਵਜੋਂ ਸ਼ੂਮਲੀਅਤ ਕੀਤੀ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਮੰਤਰੀ ਮੰਤਰੀ ਅਨਮੋਲ ਗਗਨ ਮਾਨ, ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਹੋਰ ਉੱਚ ਅਧਿਕਾਰੀ ਵੀ ਮੌਜੂਦ ਸਨ। ਇਸ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਪੰਜਾਬ ਲਈ ਇਤਿਹਾਸਕ ਹੈ। ਪੰਜਾਬ ਦੇ ਸਕੂਲਾਂ ਨੂੰ ਵਿਸ਼ਵ ਪੱਧਰ ਦਾ ਬਣਾਉਣ ਦਾ ਸੁਫ਼ਨਾਉਨ੍ਹਾਂ ਨੂੰ ਸੌਣ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਐਮੀਨੈਂਸ ਸਕੂਲ ਨੂੰ ਜੇਕਰ ਪੰਜਾਬੀ ਵਿੱਚ ਕਹਿਣਾ ਹੋਵੇ ਤਾਂ ਇਹ ਹੁਨਰ ਨੂੰ ਤਲਾਸ਼ਣ ਵਾਲਾ ਸਕੂਲ ਹੈ ਤੇ ਹੁਨਰ ਕੋਈ ਅਮੀਰੀ ਜਾਂ ਗਰੀਬੀ ਨਹੀਂ ਦੇਖਦਾ। ਇਹ ਸਕੂਲ ਵਿਦਿਆਰਥੀਆਂ ਨੂੰ ਵੱਖ-ਵੱਖ ਮੁਕਾਬਲਾ ਪ੍ਰੀਖਿਆਵਾਂ ਵਿੱਚ ਕਾਨਵੈਂਟ ਸਕੂਲਾਂ ’ਦੇ ਬੱਚਿਆਂ ਦਾ ਮੁਕਾਬਲਾ ਕਰਨ ਦੇ ਯੋਗ ਬਣਾਉਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਮਜ਼ਦੂਰ, ਡੀਸੀ ਅਤੇ ਮੰਤਰੀਆਂ ਦੇ ਬੱਚੇ ਇੱਕੋ ਬੈਂਚ ਉੱਤੇ ਬੈਠ ਕੇ ਪੜ੍ਹਨਗੇ। ਬਾਕੀ ਮਾਪਿਆਂ ਦੀ ਆਪਣੀ ਮਰਜ਼ੀ ਹੋਵੇਗੀ ਕਿ ਉਹ ਆਪਣੇ ਬੱਚਿਆਂ ਨੂੰ ਮਹਿੰਗੀਆਂ ਫੀਸਾਂ ਵਾਲੇ ਸਕੂਲਾਂ ਵਿੱਚ ਪੜ੍ਹਾਉਣਾ ਚਾਹੁੰਦੇ ਹਨ ਜਾਂ ਮੁਫ਼ਤ ਸਿੱਖਿਆ ਵਾਲੇ ਸਕੂਲ ਵਿੱਚ। ਉਨ੍ਹਾਂ ਕਿਹਾ ਕਿ ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਬਣਾਏ ਗਏ ਇਹ 117 ਸਕੂਲ ਮਿਆਰੀ ਸਿੱਖਿਆ ਦੇ ਮੰਦਰ ਹਨ। ਇਸ ਸਮਾਗਮ ਵਿੱਚ 117 ਐਮੀਨੈਂਸ ਸਕੂਲਾਂ ਦੇ ਪ੍ਰਿੰਸੀਪਲ ਅਤੇ ਸਿੰਗਾਪੁਰ ਜਾ ਰਹੇ 36 ਪ੍ਰਿੰਸੀਪਲ ਵੀ ਹਾਜ਼ਰ ਸਨ।

ਮੁੱਖ ਮੰਤਰੀ ਨੇ ਕਿਹਾ, ‘‘ਮੇਰਾ ਪਹਿਲਾਂ ਤੋਂ ਹੀ ਇਹ ਸੁਫਨਾ ਸੀ ਕਿ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕੀਤੀ ਜਾਵੇ ਅਤੇ ਪੰਜਾਬ ਦੇ ਨੌਜਵਾਨਾਂ, ਖਾਸ ਕਰ ਕੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਇਆ ਜਾਵੇ ਤਾਂ ਜੋ ਉਹ ਦੇਸ਼ ਨੂੰ ਸ਼ਹੀਦਾਂ ਦੇ ਸੁਫ਼ਨਿਆਂ ਦਾ ਮੋਹਰੀ ਦੇਸ਼ ਬਣਾਉਣ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਅ ਸਕਣ।’’ ਉਨ੍ਹਾਂ ਕਿਹਾ ਕਿ ਐਮੀਨੈਂਸ ਸਕੂਲਾਂ ਦੇ ਨਾਮ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਨਾਮ ਉੱਤੇ ਰੱਖੇ ਜਾਣਗੇ। ‘ਸਕੂਲ ਆਫ਼ ਐਮੀਨੈਂਸ’ ਨੂੰ ਹੋਣਹਾਰ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਚਾਨਣ ਮੁਨਾਰਾ ਦੱਸਦਿਆਂ ਭਗਵੰਤ ਮਾਨ ਨੇ ਕਿਹਾ ਕਿ ਹੁਣ ਪੰਜਾਬ ਸਹੀ ਮਾਅਨਿਆਂ ਵਿੱਚ ਸਿੱਖਿਆ ਦੇ ਖੇਤਰ ਵਿੱਚ ਅੱਵਲ ਸੂਬਾ ਬਣੇਗਾ ਜਦਕਿ ਪਹਿਲਾਂ ਪਿਛਲੀਆਂ ਸਰਕਾਰਾਂ ਵੱਲੋਂ ਫ਼ਰਜ਼ੀ ਅੰਕੜਿਆਂ ਰਾਹੀਂ ਮੋਹਰੀ ਹੋਣ ਦੇ ਝੂਠੇ ਦਾਅਵੇ ਕੀਤੇ ਜਾਂਦੇ ਸਨ, ਜਿਸ ਕਾਰਨ ਬੱਚਿਆਂ ਨੂੰ ਪੜ੍ਹਾਈ ਲਈ ਅੱਗੇ ਵਧਣ ਦੇ ਮੌਕੇ ਨਹੀਂ ਮਿਲੇ। ਜ਼ਿਆਦਾਤਰ ਲੜਕੀਆਂ ਨੂੰ ਸਾਧਨਾਂ ਦੀ ਘਾਟ ਕਾਰਨ ਪੜ੍ਹਾਈ ਅੱਧ-ਵਿਚਾਲੇ ਛੱਡਣੀ ਪਈ ਜੋ ਕਿ ਪਿਛਲੀਆਂ ਸਰਕਾਰਾਂ ਦੀ ਨਾਕਾਮੀ ਸਿੱਧ ਕਰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਨਵਾਂ ਇਨਕਲਾਬ ਲੈ ਕੇ ਆਉਣ ਦਾ ਉਦੇਸ਼ ਹੋਣਹਾਰ ਅਤੇ ਕਾਬਿਲ ਵਿਦਿਆਰਥੀਆਂ, ਖਾਸ ਕਰ ਕੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਆਪਣੇ ਸੁਫ਼ਨੇ ਪੂਰੇ ਕਰਨ ਲਈ ਸੇਧ ਅਤੇ ਮੌਕੇ ਦੇਣਾ ਹੈ। ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਹੁਣ ਸਿੱਖਿਆ ਵਿਭਾਗ ਦੀ ਤਸਵੀਰ ਬਦਲ ਰਹੀ ਹੈ ਅਤੇ ਰੋਜ਼ਾਨਾ ਵੱਡੀਆਂ ਤਬਦੀਲੀਆਂ ਦੇਖਣ ਨੂੰ ਮਿਲ ਰਹੀਆਂ ਹਨ। ‘ਸਕੂਲ ਆਫ਼ ਐਮੀਨੈਂਸ’ ਨੂੰ ਮੁੱਖ ਮੰਤਰੀ ਦਾ ਸੁਪਨਮਈ ਪ੍ਰਾਜੈਕਟ ਕਰਾਰ ਦਿੰਦੇ ਹੋਏ ਬੈਂਸ ਨੇ ਭਰੋਸਾ ਪ੍ਰਗਟਾਇਆ ਕਿ ਇਹ ਸਕੂਲ, ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਕਾਰਗੁਜ਼ਾਰੀ ਦਿਖਾਉਣਗੇ ਅਤੇ ਹੁਣ ਕੋਈ ਵੀ ਕਾਬਿਲ ਬੱਚਾ ਸਿੱਖਿਆ ਦੇ ਚੰਗੇ ਮੌਕਿਆਂ ਤੋਂ ਵਾਂਝਾ ਨਹੀਂ ਰਹੇਗਾ।

ਬੱਚਿਆਂ ਦਾ ਭਵਿੱਖ ਖਰਾਬ ਕਰਨ ਲਈ ਪੁਰਾਣੇ ਆਗੂਆਂ ਨੂੰ ਜ਼ਿੰਮੇਵਾਰ ਦੱਸਿਆ

ਮੁੱਖ ਮੰਤਰੀ ਭਗਵੰਤ ਮਾਨ ਨੇ ਬੱਚਿਆਂ ਦਾ ਭਵਿੱਖ ਤਬਾਹ ਕਰਨ ਲਈ ਸਿੱਧੇ ਤੌਰ ’ਤੇ ਪਹਿਲੇ ਸਿਆਸਤਦਾਨਾਂ ਨੂੰ ਜ਼ਿੰਮੇਵਾਰ ਦੱਸਿਆ। ਉਨ੍ਹਾਂ ਕਿਹਾ ਕਿ ਲੋਕਾਂ ਨੇ ਇਨ੍ਹਾਂ ਸਿਆਸਤਦਾਨਾਂ ਦੀਆਂ ਚਾਲਾਂ ਨੂੰ ਸਮਝ ਲਿਆ ਸੀ, ਜਿਸ ਕਰ ਕੇ ਐਤਕੀ ਗੈਰ-ਸਿਆਸੀ ਪਿਛੋਕੜ ਵਾਲੇ ਨਵੇਂ ਚਿਹਰਿਆਂ ਨੂੰ ਵਿਧਾਇਕ ਬਣਾ ਕਿ ਸੂਬੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਜਿਨ੍ਹਾਂ ਵਿੱਚ ਪ੍ਰਸਿੱਧ ਡਾਕਟਰ, ਵਕੀਲ, ਕਲਾਕਾਰ ਤੇ ਹੋਰ ਸ਼ਖ਼ਸੀਅਤਾਂ ਸ਼ਾਮਲ ਹਨ। ਉਨ੍ਹਾਂ ਕਿਹਾ, ‘‘ਵਿਰੋਧੀ ਧਿਰ ਦੇ ਆਗੂ ਤਾਂ ਹੁਣ ਵੀ ਸਾਨੂੰ ਨਿੰਦਣ ਦਾ ਕੋਈ ਮੌਕਾ ਨਹੀਂ ਛੱਡਦੇ ਕਿਉਂਕਿ ਅਸੀਂ ਸੱਤਾ ਵਿੱਚ ਆਉਂਦੇ ਹੀ ਪੰਜਾਬ ਵਿੱਚ ਮਾਫ਼ੀਆ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਨੱਥ ਪਾਈ ਹੈ।’’ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ 92 ਸੀਟਾਂ ਜਿਤਾ ਕੇ ਉਨ੍ਹਾਂ ਵਿੱਚ ਭਰੋਸਾ ਪ੍ਰਗਟਾਇਆ ਹੈ ਅਤੇ ਉਹ ਇਹ ਭਰੋਸਾ ਕਿਸੇ ਵੀ ਕੀਮਤ ’ਤੇ ਟੁੱਟਣ ਨਹੀਂ ਦੇਣਗੇ।