ਚੁਣੌਤੀਆਂ ਨਾਲ ਨਜਿੱਠਣ ’ਚ ਕੋਈ ਕਸਰ ਨਹੀਂ ਛੱਡਾਂਗੇ: ਰਾਜਨਾਥ

ਚੁਣੌਤੀਆਂ ਨਾਲ ਨਜਿੱਠਣ ’ਚ ਕੋਈ ਕਸਰ ਨਹੀਂ ਛੱਡਾਂਗੇ: ਰਾਜਨਾਥ

ਨਵੀਂ ਦਿੱਲੀ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਤੇਜ਼ੀ ਨਾਲ ਬਦਲ ਰਹੇ ਆਲਮੀ ਸੁਰੱਖਿਆ ਹਾਲਾਤ ਕਾਰਨ ਪੈਦਾ ਹੋ ਰਹੀਆਂ ਚੁਣੌਤੀਆਂ ਨਾਲ ਸਿੱਝਣ ਲਈ ਮੁਲਕ ਨੂੰ ਕਾਬਲ ਬਣਾਉਣ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇੱਥੇ ਗਣਤੰਤਰ ਦਿਵਸ ਸਬੰਧੀ ਐੱਨਸੀਸੀ ਕੈਂਪ ਵਿੱਚ ਹਿੱਸਾ ਲੈ ਰਹੇ ਵੱਡੀ ਗਿਣਤੀ ਕੈਡਿਟਾਂ ਨੂੰ ਸੰਬੋਧਨ ਕਰਦਿਆਂ ਰੱਖਿਆ ਮੰਤਰੀ ਨੇ ਦੇਸ਼ ਦੇ ਮਜ਼ਬੂਤ ਸੁਰੱਖਿਆ ਢਾਂਚੇ ਨੂੰ ਮਿਲ ਕੇ ਕੰਮ ਕਰਨ ਦੀ ਇੱਕ ਮਿਸਾਲ ਦੱਸਿਆ।

ਉਨ੍ਹਾਂ ਕਿਹਾ, “ਜੇਕਰ ਕਦੇ ਲੜਾਈ ਲੜਨ ਦੀ ਲੋੜ ਪੈਂਦੀ ਹੈ ਤਾਂ ਪੂਰਾ ਦੇਸ਼ ਫ਼ੌਜ ਦੀ ਹਮਾਇਤ ਵਿੱਚ ਨਿੱਤਰ ਆਵੇਗਾ।’’ ਰਾਜਨਾਥ ਸਿੰਘ ਨੇ ਕਿਹਾ ਕਿ ਇਹ ਇਕਜੁੱਟ ਹੋ ਕੇ ਕੰਮ ਕਰਨ ਦਾ ਹੀ ਨਤੀਜਾ ਹੈ ਕਿ ਪਿਛਲੇ ਸਮਿਆਂ ਦੌਰਾਨ ਮੁਲਕ ਨੇ ਦੁਸ਼ਮਣਾਂ ਨੂੰ ਹਰਾਇਆ ਅਤੇ ਕਈ ਲੜਾਈਆਂ ਜਿੱਤੀਆਂ। ਉਨ੍ਹਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਜਿੱਥੇ ਹਥਿਆਰਬੰਦ ਬਲ ਹਰ ਤਰ੍ਹਾਂ ਦੇ ਖਤਰੇ ਤੋਂ ਦੇਸ਼ ਨੂੰ ਬਚਾਉਂਦੇ ਹਨ, ਉੱਥੇ ਵਿਗਿਆਨੀ, ਇੰਜਨੀਅਰ, ਸਿਵਲ ਅਧਿਕਾਰੀ ਅਤੇ ਹੋਰ ਲੋਕ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਸਹਿਯੋਗ ਦੇ ਰਹੇ ਹਨ। ਰੱਖਿਆ ਮੰਤਰੀ ਨੇ ਕਿਹਾ, ‘‘ਮੁਲਕ ਨੂੰ ਤੇਜ਼ੀ ਨਾਲ ਬਦਲ ਰਹੇ ਆਲਮੀ ਸੁਰੱਖਿਆ ਹਾਲਾਤ ਕਾਰਨ ਪੈਦਾ ਹੋ ਰਹੀਆਂ ਚੁਣੌਤੀਆਂ ਨਾਲ ਨਜਿੱਠਣ ਦੇ ਕਾਬਲ ਬਣਾਉਣ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।’’ ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਇੱਕ ਮਜ਼ਬੂਤ ਅਤੇ ਖੁਸ਼ਹਾਲ ਰਾਸ਼ਟਰ ਦਾ ਨਿਰਮਾਣ ਕਰਨਾ ਹੈ, ਜਿਸ ਦੀਆਂ ਜੜ੍ਹਾਂ ਸੱਭਿਆਚਾਰ ਅਤੇ ਕਦਰਾਂ-ਕੀਮਤਾਂ ਨਾਲ ਜੁੜੀਆਂ ਹੋਣ।