ਪੰਜਾਬ ਦੀ ਝਾਕੀ ਦਾ ਸ਼ਾਮਲ ਨਾ ਹੋਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ: ਰੂਪਾਨੀ

ਪੰਜਾਬ ਦੀ ਝਾਕੀ ਦਾ ਸ਼ਾਮਲ ਨਾ ਹੋਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ: ਰੂਪਾਨੀ

ਅੰਮ੍ਰਿਤਸਰ- ਗਣਤੰਤਰ ਦਿਵਸ ਪਰੇਡ ਲਈ ਸੂਬੇ ਦੀ ਝਾਕੀ ਨੂੰ ਰੱਦ ਕਰਨ ਦੇ ਵਿਵਾਦ ਦੇ ਚਲਦਿਆਂ ਭਾਜਪਾ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੈ ਰੂਪਾਨੀ ਨੇ ਇਸ ਬਾਰੇ ਅਗਿਆਨਤਾ ਪ੍ਰਗਟਾਈ ਹੈ।

ਉਹ ਇੱਥੇ ਪੰਜਾਬ ਭਾਜਪਾ ਦੀ ਦੋ ਰੋਜ਼ਾ ਕਾਰਜਕਾਰਨੀ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਆਏ ਹੋਏ ਹਨ ਅਤੇ ਅੱਜ ਉਹ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜੇ ਸਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਭਾਜਪਾ ਦਾ ਟੀਚਾ ਪੰਜਾਬ ਦਾ ਵਿਕਾਸ ਹੈ। ਗਣਤੰਤਰ ਦਿਵਸ ਪਰੇਡ ਵਿਚ ਪੰਜਾਬ ਦੀ ਝਾਕੀ ਨੂੰ ਲੈ ਕੇ ਸ਼ੁਰੂ ਹੋਏ ਵਿਵਾਦ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਅਜਿਹਾ ਹੋ ਸਕਦਾ ਹੈ ਪਰ ਜੇ ਅਜਿਹਾ ਹੋਇਆ ਹੈ ਤਾਂ ਇਸ ਸਬੰਧ ਵਿਚ ਪੰਜਾਬ ਸਰਕਾਰ ਦੀ ਕੋਈ ਕੁਤਾਹੀ ਹੋ ਸਕਦੀ ਸੀ। ਉਨ੍ਹਾਂ ਕਿਹਾ ਕਿ ਗਣੰਤਤਰ ਦਿਵਸ ਪਰੇਡ ਵਿਚ ਹਰ ਸੂਬੇ ਨੂੰ ਬਰਾਬਰ ਦੀ ਪ੍ਰਤੀਨਿਧਤਾ ਮਿਲੇਗੀ। ਇਸੇ ਤਰ੍ਹਾਂ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵੀ ਆਖਿਆ ਕਿ ਇਸ ਮਾਮਲੇ ’ਚ ਸੂਬਾ ਸਰਕਾਰ ਦੀ ਕੋਈ ਘਾਟ ਰਹਿ ਗਈ ਹੋਵੇਗੀ, ਨਹੀਂ ਤਾਂ ਪੰਜਾਬ ਨੂੰ ਅਣਗੌਲਿਆਂ ਨਹੀਂ ਕੀਤਾ ਜਾ ਸਕਦਾ।