ਕਿਸਾਨ ਅੰਦੋਲਨ ’ਚ ਆਏ ਪਰਵਾਸੀਆਂ ਨੂੰ ਪ੍ਰੇਸ਼ਾਨ ਕਰਨ ਲੱਗਾ ਕੇਂਦਰ: ਧਾਲੀਵਾਲ

ਕਿਸਾਨ ਅੰਦੋਲਨ ’ਚ ਆਏ ਪਰਵਾਸੀਆਂ ਨੂੰ ਪ੍ਰੇਸ਼ਾਨ ਕਰਨ ਲੱਗਾ ਕੇਂਦਰ: ਧਾਲੀਵਾਲ

ਪਰਵਾਸੀ ਪੰਜਾਬੀਆਂ ਦੇ ਮਸਲਿਆਂ ਦੇ ਹੱਲ ਲਈ ਵਿਦੇਸ਼ ਮੰਤਰੀ ਨੂੰ ਮਿਲਣ ਦਾ ਭਰੋਸਾ ਦਿੱਤਾ
ਚੰਡੀਗੜ੍ਹ- ਐੱਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪਰਵਾਸੀ ਪੰਜਾਬੀਆਂ ਵੱਲੋਂ ਕੀਤੀ ਸ਼ਿਕਾਇਤ ਦੇ ਆਧਾਰ ’ਤੇ ਕਿਹਾ ਕਿ ਕੇਂਦਰ ਸਰਕਾਰ ਉਨ੍ਹਾਂ ਪਰਵਾਸੀ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਨ ਲੱਗੀ ਹੈ ਜਿਨ੍ਹਾਂ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲੇ ਕਿਸਾਨ ਅੰਦੋਲਨ ਵਿੱਚ ਸ਼ਮੂਲੀਅਤ ਕੀਤੀ ਸੀ। ਧਾਲੀਵਾਲ ਨੇ ਕਿਹਾ ਕਿ ਕੈਨੇਡਾ ਦੇ ਪਰਵਾਸੀਆਂ ਨੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਹੈ ਕਿ ਕੇਂਦਰ ਵੱਲੋਂ ਉਨ੍ਹਾਂ ਨੂੰ ਵੀਜ਼ੇ ਜਾਰੀ ਕਰਨ ’ਚ ਅੜਿੱਕੇ ਪਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਉਹ ਪਰਵਾਸੀ ਪੰਜਾਬੀਆਂ ਦੇ ਮਸਲਿਆਂ ਦੇ ਹੱਲ ਲਈ ਜਲਦ ਕੇਂਦਰੀ ਵਿਦੇਸ਼ ਮੰਤਰੀ ਨੂੰ ਮਿਲਣਗੇ। ਸ੍ਰੀ ਧਾਲੀਵਾਲ ਨੇ ਦੱਸਿਆ ਕਿ ਕੇਂਦਰ ਸਰਕਾਰ ਨਾਲ ਮਿਲਣੀ ਮੌਕੇ ਅੰਮ੍ਰਿਤਸਰ ਅਤੇ ਮੁਹਾਲੀ ਤੋਂ ਕੌਮਾਂਤਰੀ ਉਡਾਣਾਂ ਸ਼ੁਰੂ ਕਰਾਉਣ ਅਤੇ ਪਰਵਾਸੀਆਂ ਨੂੰ ਪੰਜਾਬ ਵਿਚ ਜ਼ਮੀਨ ਖ਼ਰੀਦਣ ’ਤੇ ਲਾਈ ਪਾਬੰਦੀ ਖ਼ਤਮ ਕਰਾਉਣ ਦਾ ਮਸਲਾ ਵੀ ਉਠਾਉਣਗੇ। ਮੰਤਰੀ ਨੇ ਅੱਜ ਇੱਥੇ ਇੱਕ ਉੱਚ ਪੱਧਰੀ ਮੀਟਿੰਗ ਮਗਰੋਂ ਇਹ ਵੀ ਦੱਸਿਆ ਕਿ ਪੰਜਾਬ ਦੀ ਨਵੀਂ ਐੱਨਆਰਆਈ ਨੀਤੀ 28 ਫ਼ਰਵਰੀ 2023 ਤੱਕ ਤਿਆਰ ਕਰ ਲਈ ਜਾਵੇਗੀ। ਧਾਲੀਵਾਲ ਨੇ ਦੱਸਿਆ ਕਿ ਜਲੰਧਰ, ਐੱਸਏਐੱਸ ਨਗਰ (ਮੁਹਾਲੀ), ਲੁਧਿਆਣਾ, ਮੋਗਾ ਅਤੇ ਅੰਮ੍ਰਿਤਸਰ ’ਚ ਕੀਤੇ ਗਏ ‘ਮਿਲਣੀ ਸਮਾਗਮਾਂ’ ਦੌਰਾਨ 606 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਤੇ ਇਨ੍ਹਾਂ ਵਿਚੋਂ 250 ਸ਼ਿਕਾਇਤਾਂ ਦਾ ਹੱਲ ਕੀਤਾ ਜਾ ਚੁੱਕਾ ਹੈ। ਮੀਟਿੰਗ ਵਿਚ ਅੱਜ ਡੀਜੀਪੀ ਗੌਰਵ ਯਾਦਵ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਡੀਜੀਪੀ ਗੌਰਵ ਯਾਦਵ ਨੇ ਅੱਜ ਭਰੋਸਾ ਦਿੱਤਾ ਹੈ ਕਿ 15 ਐੱਨਆਰਆਈ ਥਾਣਿਆਂ ਦੇ ਕਾਇਆ ਕਲਪ ਲਈ 30 ਲੱਖ ਰੁਪਏ ਦੇ ਫ਼ੰਡ ਛੇਤੀ ਹੀ ਜਾਰੀ ਕਰ ਦਿੱਤੇ ਜਾਣਗੇ।