ਸ਼੍ਰੋਮਣੀ ਕਮੇਟੀ ਵੱਲੋਂ ਨਕੋਦਰ ਕਾਂਡ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

ਸ਼੍ਰੋਮਣੀ ਕਮੇਟੀ ਵੱਲੋਂ ਨਕੋਦਰ ਕਾਂਡ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

ਅੰਮ੍ਰਿਤਸਰ- ਬੇਅਦਬੀ ਘਟਨਾਵਾਂ ਦਾ ਵਿਰੋਧ ਕਰਦਿਆਂ 1986 ਵਿੱਚ ਨਕੋਦਰ ’ਚ ਪੁਲੀਸ ਗੋਲੀਬਾਰੀ ਕਾਰਨ ਮਾਰੇ ਗਏ ਚਾਰ ਸਿੱਖ ਨੌਜਵਾਨਾਂ ਨੂੰ ਅੱਜ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਯਾਦ ਕੀਤਾ। ਇਸ ਸਬੰਧ ’ਚ ਦਰਬਾਰ ਸਾਹਿਬ ਸਮੂਹ ਵਿੱਚ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਨਕੋਦਰ ਕਾਂਡ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਸਬੰਧੀ ਅਖੰਡ ਪਾਠ ਮਰਹੂਮ ਰਵਿੰਦਰ ਸਿੰਘ ਦੇ ਪਰਵਾਸੀ ਭਾਰਤੀ ਪਰਿਵਾਰ ਵੱਲੋਂ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਵਿਖੇ ਰਖਵਾਇਆ ਗਿਆ ਸੀ। ਅਖੰਡ ਪਾਠ ਦੇ ਭੋਗ ਮਗਰੋਂ ਗੁਰਬਾਣੀ ਦਾ ਕੀਰਤਨ ਹੋਇਆ ਅਤੇ ਬਾਅਦ ਵਿਚ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਸ਼ਹੀਦ ਨੌਜਵਾਨਾਂ ਦੇ ਪਰਿਵਾਰਾਂ ਨੂੰ ਸਿਰੋਪੇ ਦੇ ਕੇ ਸਨਮਾਨਿਤ ਕੀਤਾ। ਮ੍ਰਿਤਕ ਨੌਜਵਾਨ ਦੇ ਪਿਤਾ ਬਲਦੇਵ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਉਹ ਦੋਸ਼ੀ ਅਧਿਕਾਰੀਆਂ ਨੂੰ ਸਲਾਖਾਂ ਪਿੱਛੇ ਦੇਖਣਾ ਚਾਹੁੰਦੇ ਹਨ ਅਤੇ ਇਸ ਲਈ ਪਰਿਵਾਰ ਦੇ ਮੈਂਬਰਾਂ ਨੇ ਕਾਫ਼ੀ ਭੱਜ-ਦੌੜ ਕੀਤੀ ਹੈ ਪਰ ਹੁਣ ਤਕ ਕੋਈ ਫਾਇਦਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਹੁਣ ਤੱਕ ਦੇ ਸਾਰੇ ਮੁੱਖ ਮੰਤਰੀ ਇਸ ਮਾਮਲੇ ਵਿੱਚ ਪੀੜਤ ਪਰਿਵਾਰਾਂ ਨੂੰ ਨਿਆਂ ਦੇਣ ਵਿੱਚ ਅਸਫਲ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕੇਸ ਹਾਈ ਕੋਰਟ ਵਿੱਚ ਹੈ ਅਤੇ ਅਗਲੀ ਸੁਣਵਾਈ 30 ਮਾਰਚ 2023 ਨੂੰ ਹੋਵੇਗੀ।

ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ, ਸਰਬਜੀਤ ਸਿੰਘ ਘੁੰਮਣ, ਅਕਾਲ ਫੈਡਰੇਸ਼ਨ ਦੇ ਪ੍ਰਧਾਨ ਨਰਾਇਣ ਸਿੰਘ, ਐਡਵੋਕੇਟ ਬਲਜਿੰਦਰ ਸਿੰਘ ਬਾਜਵਾ, ਮਨੁੱਖੀ ਅਧਿਕਾਰ ਸਗੰਠਨ ਦੀ ਆਗੂ ਬੀਬੀ ਪਰਮਜੀਤ ਕੌਰ ਖਾਲੜਾ ਅਤੇ ਹੋਰਨਾਂ ਨੇ ਸ਼ਹੀਦ ਨੌਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਪੰਥਕ ਜਥੇਬੰਦੀਆਂ ਵਲੋਂ ਕੰਵਰਪਾਲ ਸਿੰਘ ਨੇ ਚਾਰ ਨੌਜਵਾਨਾਂ ਦੇ ਪਰਿਵਾਰਾਂ ਨੂੰ ਸਿਰੋਪੇ ਭੇਟ ਕੀਤੇ।