ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਧਰਮਸੋਤ ਦਾ ਤਿੰਨ ਰੋਜ਼ਾ ਪੁਲੀਸ ਰਿਮਾਂਡ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਧਰਮਸੋਤ ਦਾ ਤਿੰਨ ਰੋਜ਼ਾ ਪੁਲੀਸ ਰਿਮਾਂਡ

ਐਸ.ਏ.ਐਸ. ਨਗਰ (ਮੁਹਾਲੀ)- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਧਰਮਸੋਤ ਖ਼ਿਲਾਫ਼ ਜੰਗਲਾਤ ਵਿਭਾਗ ਵਿੱਚ ਕਾਂਗਰਸ ਵਜ਼ਾਰਤ ਸਮੇਂ ਹੋਏ ਵੱਖੋ-ਵੱਖ ਘੁਟਾਲਿਆਂ ਸਬੰਧੀ ਪਹਿਲਾਂ ਹੀ ਭ੍ਰਿਸ਼ਟਾਚਾਰ ਦਾ ਕੇਸ ਚੱਲ ਰਿਹਾ ਹੈ। ਇਸ ਮਾਮਲੇ ਵਿੱਚ ਉਸ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ ਅਤੇ ਹੁਣ ਕਾਫ਼ੀ ਦਿਨਾਂ ਤੋਂ ਜ਼ਮਾਨਤ ’ਤੇ ਸੀ। ਸਾਬਕਾ ਮੰਤਰੀ ’ਤੇ ਪੈਸੇ ਲੈ ਕੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਦੀਆਂ ਨਿਯੁਕਤੀਆਂ ਤੇ ਬਦਲੀਆਂ ਕਰਨ ਦਾ ਵੀ ਦੋਸ਼ ਹੈ। ਵਿਜੀਲੈਂਸ ਟੀਮ ਨੇ ਮੁਲਜ਼ਮ ਦੇ ਸੱਤ ਦਿਨ ਦੇ ਪੁਲੀਸ ਰਿਮਾਂਡ ਦੀ ਮੰਗ ਕੀਤੀ। ਦੂਜੇ ਪਾਸੇ ਬਚਾਅ ਪੱਖ ਦੇ ਵਕੀਲਾਂ ਐਚਐਸ ਧਨੋਆ ਤੇ ਹੋਰਨਾਂ ਨੇ ਰਿਮਾਂਡ ਦਾ ਵਿਰੋਧ ਕਰਦਿਆਂ ਅਦਾਲਤ ਨੂੰ ਦੱਸਿਆ ਕਿ ਪਿਛਲੇ 9 ਮਹੀਨਿਆਂ ਵਿੱਚ ਹੁਣ ਤੱਕ ਵਿਜੀਲੈਂਸ ਚਾਰ ਵਾਰ ਪੁੱਛ-ਗਿੱਛ ਕਰ ਚੁੱਕੀ ਹੈ ਅਤੇ ਸਾਬਕਾ ਮੰਤਰੀ ਵੱਲੋਂ ਆਪਣੀ ਆਮਦਨ ਤੇ ਜਾਇਦਾਦ ਦੇ ਵੇਰਵੇ ਦੱਸੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਧਰਮਸੋਤ ਕੋਲ ਸਿਰਫ਼ ਐਮਐਲਏ ਸੁਸਾਇਟੀ ਵਿੱਚ ਇੱਕ ਫਲੈਟ ਹੈ। ਇਸ ਤੋਂ ਬਿਨਾਂ ਉਸ ਦੇ ਨਾਂ ’ਤੇ ਕੋਈ ਜਾਇਦਾਦ ਨਹੀਂ ਹੈ। ਉਨ੍ਹਾਂ ਵਿਜੀਲੈਂਸ ਦੀ ਕਾਰਵਾਈ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ।

ਬਦਨਾਮ ਕਰਨ ਲਈ ਝੂਠੇ ਕੇਸ ਵਿੱਚ ਫਸਾਇਆ: ਧਰਮਸੋਤ

ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਉਸ ਨੂੰ ਬਦਨਾਮ ਕਰਨ ਲਈ ਜਾਣ-ਬੁੱਝ ਕੇ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਉਂਜ ਉਨ੍ਹਾਂ ਮੀਡੀਆ ਨਾਲ ਜ਼ਿਆਦਾ ਗੱਲਬਾਤ ਕਰਨ ਤੋਂ ਸੰਕੋਚ ਕਰਦਿਆਂ ਸਿਰਫ਼ ਇੰਨਾ ਹੀ ਕਿਹਾ ਕਿ ਉਸ ਨੇ ਅਦਾਲਤ ਨੂੰ ਸਾਰਾ ਕੁਝ ਦੱਸ ਦਿੱਤਾ ਹੈ ਅਤੇ ਉਸ ਨੂੰ ਨਿਆਂਪਾਲਿਕਾ ’ਤੇ ਪੂਰਾ ਭਰੋਸਾ ਹੈ। ਅਦਾਲਤ ਦਾ ਜੋ ਵੀ ਫ਼ੈਸਲਾ ਹੋਵੇਗਾ, ਉਸ ਨੂੰ ਖਿੜੇ ਮੱਥੇ ਪ੍ਰਵਾਨ ਹੋਵੇਗਾ।