ਸ੍ਰੀ ਗੁਰੂ ਰਵਿਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

ਸ੍ਰੀ ਗੁਰੂ ਰਵਿਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

ਫਰਿਜਨੋ, (ਕੈਲੀਫੋਰਨੀਆਂ) (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) : ਕ੍ਰਾਂਤੀਕਾਰੀ ਸ੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦਾ ਗੁਰਪੁਰਬ ਫਰਿਜਨੋ ਦੇ ਗੁਰਦਵਾਰਾ ਸਿੰਘ ਸਭਾ ਵਿਖੇ ਸਰਧਾ ਭਾਵਨਾ ਨਾਲ ਮਨਾਇਆ ਗਿਆ। ਜਿੱਥੇ ਐਤਵਾਰ ਦੇ ਦੀਵਾਨ ਵਿੱਚ ਗੁਰੂ ਰਵਿਦਾਸ ਜੀ ਦੇ ਜੀਵਨ ਨੂੰ ਯਾਦ ਕਰਦਿਆਂ ਰੂਹਾਨੀ ਗੁਰਮਤਿ ਵਿਚਾਰਾਂ ਹੋਈਆਂ ਅਤੇ ਕੀਰਤਨ ਦੀਵਾਨ ਸਜੇ, ਉੱਥੇ ਇਨ੍ਹਾਂ ਦੀਵਾਨਾਂ ਵਿੱਚ ਗੁਰੂ ਘਰ ਦੇ ਕੀਰਤਨੀਏ ਡਾਕਟਰ ਸਰਬਜੀਤ ਸਿੰਘ ਦੇ ਜਥੇ ਨੇ ਕੀਰਤਨ ਰਾਹੀਂ ਹਾਜਰੀ ਭਰੀ। ਇਸ ਸਮਾਗਮ ਵਿੱਚ ਕਥਾਵਾਚਕ ਭਾਈ ਮਲਕੀਤ ਸਿੰਘ ਕਰਨਾਲ ਨੇ ਗੁਰੂ ਸਬਦ ਦੀ ਕਥਾ ਰਾਹੀਂ ਸਾਂਝ ਪਾਈ। ਇਸ ਸਮਾਗਮ ਦੌਰਾਨ ਵਿਸੇਸ ਤੌਰ ਤੇ ਉੱਘੇ ਸਮਾਜਸੇਵੀ ਸੁਖਬੀਰ ਸਿੰਘ ਭੰਡਾਲ ਨੇ ਸਟੇਜ ਤੋ ਸੰਬੋਧਨ ਕਰਦਿਆਂ ਕਿਹਾ ਕਿ ਸਮਾਜਿਕ ਕੁਰੀਤੀਆਂ ਦਾ ਵਿਰੋਧ ਕਰਨ ਲਈ ਦੁਨੀਆਂ ਵਿੱਚ ਸਮੇਂ-ਸਮੇਂ ‘ਤੇ ਮਨੁੱਖਤਾ ਦੇ ਰਹਿਬਰਾਂ ਨੇ ਜਨਮ ਲਿਆ ਹੈ। ਇਨ੍ਹਾਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦਾ ਨਾਮ ਵੀ ਸਾਮਿਲ ਹੈ, ਜਿਨ੍ਹਾਂ ਨੇ ਉਸ ਵੇਲੇ ਫੈਲੀ ਊਚ-ਨੀਚ, ਜਾਤ-ਪਾਤ, ਕਰਮਕਾਂਡ, ਪਖੰਡਵਾਦ, ਧਾਰਮਿਕ ਕੱਟੜਤਾ ਆਦਿ ਖ?ਿਲਾਫ ਆਵਾਜ ਬੁਲੰਦ ਕੀਤੀ। ਗੁਰੂ ਰਵਿਦਾਸ ਜੀ ਨੇ ਜਾਤ-ਪਾਤ ਦਾ ਖੰਡਨ ਕਰਕੇ ਉੱਚ ਵਰਗ ਦੇ ਜਾਤੀ ਅਭਿਮਾਨ ਅਤੇ ਹੰਕਾਰ ਨੂੰ ਸੱਟ ਮਾਰੀ। ਆਪ ਸਮਾਜ ਵਿੱਚੋਂ ਸੋਸਣ, ਛੂਤ-ਛਾਤ, ਪਖੰਡਵਾਦ ਦਾ ਖਾਤਮਾਂ ਕਰਕੇ ਬਰਾਬਰਤਾ ਵਾਲਾ ਸਮਾਜ ਕਾਇਮ ਕਰਨਾ ਚਾਹੁੰਦੇ ਸਨ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦਾ ਜਨਮ ਉਤਸਵ ਮਨਾਉਂਣ ਦਾ ਅਸਲੀ ਮੰਤਵ ਪੂਰਾ ਕਰਨ ਲਈ ਉਨ੍ਹਾਂ ਵੱਲੋਂ ਦਿੱਤੀਆਂ ਸਿੱਖਿਆਵਾਂ ਨੂੰ ਅਪਣਾ ਕੇ ਸਮਾਜ ਚੋਂ ਪਖੰਡਵਾਦ ਨੂੰ ਦੂਰ ਕਰਕੇ ਦੁਨੀਆਂ ਵਿੱਚ ਬਰਾਬਰਤਾ ਵਾਲਾ ਸਮਾਜ ਉਸਾਰਨਾ ਹੈ ਤਾਂ ਜੋ ਉਨ੍ਹਾਂ ਵੱਲੋਂ ਦਰਸਾਇਆ ਬੇਗਮਪੁਰਾ ਦਾ ਸੁਪਨਾ ਪੂਰਾ ਹੋ ਸਕੇ। ਸਟੇਜ ਸੰਚਾਲਨ ਦੀ ਸੇਵਾ ਭਾਈ ਗੁਰਪ੍ਰੀਤ ਸਿੰਘ ਮਾਨ ਨੇ ਨਿਭਾਈ। ਗੁਰੂ ਦੀ ਮਹਿਮਾ ਦੇ ਨਾਲ-ਨਾਲ ਐਤਵਾਰ ਦੇ ਇਸ ਵਿਸੇਸ ਦੀਵਾਨ ਵਿੱਚ ਪ੍ਰਮੋਧ ਲੋਈ ਅਤੇ ਪਰਿਵਾਰ ਵੱਲੋਂ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਲੰਗਰ ਬਣਾਉਂਣ ਦੀ ਸੇਵਾ ਭਾਈ ਇਕਬਾਲ ਸਿੰਘ ਅਤੇ ਸਾਥੀਆਂ ਵੱਲੋਂ ਬੜੀ ਸਰਧਾ ਭਾਵਨਾਂ ਨਾਲ ਨਿਭਾਈ ਗਈ। ਇਸ ਮੌਕੇ ਪੰਜਾਬੀ ਕਲਚਰਲ ਐਸੋਸੀਏਸਨ ਦੇ ਮੈਂਬਰਾਂ ਨੇ ਦੱਸਿਆ ਕਿ ਪੀਸੀਏ ਵੱਲੋ ਗੁਰੂਘਰ ਵਿਖੇ ਜੋੜੇ ਘਰ ਲਈ ਰੈਕ ਬਣਵਾਕੇ ਦਿੱਤੇ ਗਏ ਹਨ ਅਤੇ ਸੰਸਥਾ ਨੇ ਗੁਰ ਮਿਲਾਪ ਸੰਸਥਾ ਨੂੰ ਰਾਜਸਥਾਨ ਦੇ ਅਲਵਰ ਵਿੱਚ ਲੋੜਵੰਦ ਬੱਚਿਆਂ ਦੀ ਮਦਦ ਕਰਦਿਆਂ, ਸਿੱਖੀ ਸਿੱਖਿਆ ਗੁਰ ਵਿਚਾਰ ਅਕੈਡਮੀ ਦੇ 30 ਵਿਦਿਆਰਥੀਆਂ ਨੂੰ ਗੋਦ ਲੈ ਕੇ ਉਨ੍ਹਾਂ ਦੀ ਪੜ੍ਹਾਈ ਦਾ ਖਰਚਾ ਵੀ ਚੁੱਕਿਆ ਹੈ।